ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਪਤਨੀ ’ਤੇ ਲੱਗ ਰਹੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਰਹੇ।
ਰਾਜਪਾਲ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਸੀਨੀਅਰ ਅਧਿਕਾਰੀਆਂ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਸਾਹਮਣੇ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 1 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੇ ਹਲਫ਼ਨਾਮੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਅਧਿਕਾਰੀਆਂ, ਸਰਕਾਰੀ ਟੈਂਡਰਾਂ, ਹਥਿਆਰਾਂ ਦੇ ਲਾਇਸੈਂਸਾਂ ਅਤੇ ਜ਼ਮੀਨੀ ਸੌਦਿਆਂ ਸਬੰਧੀ ਕਥਿਤ ਸੌਦੇਬਾਜ਼ੀ ਦੇ ਕੇਂਦਰ ਵਜੋਂ ਦਰਸਾਇਆ ਗਿਆ ਹੈ।
ਬਾਦਲ ਨੇ ਕਿਹਾ ਕਿ ਵਫ਼ਦ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਦਾਲਤੀ ਨਿਗਰਾਨੀ ਹੇਠ ਨਿਰਧਾਰਤ ਸਮੇਂ ਅੰਦਰ ਈਡੀ ਵੱਲੋਂ ਉਠਾਏ ਗਏ ਸਾਰੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਉਣ ਲਈ ਕਹਿਣ, ਤਾਂ ਜੋ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਮੁੱਖ ਮੰਤਰੀ ਦੀ ਪਤਨੀ ’ਤੇ ਲੱਗੇ ਦੋਸ਼ਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਸਤੰਬਰ ਨੂੰ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪਾਰਟੀ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਬਾਦਲ ਨੇ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਮਿਲਣ ਤੱਕ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।
ਅਕਾਲੀ ਦਲ ਨੂੰ ਬੋਲਣ ਦਾ ਕੋਈ ਨੈਤਿਕ ਹੱਕ ਨਹੀਂ: ਪੰਨੂ
ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਸ਼ਾਂ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਅਕਾਲੀ ਆਗੂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਲਈ ਸਿਆਸੀ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਪੰਨੂ ਨੇ ਇਹ ਵੀ ਕਿਹਾ ਕਿ ਕਥਿਤ ਆਡੀਓ ਰਿਕਾਰਡਿੰਗਾਂ ਅਤੇ ਉਨ੍ਹਾਂ ਨਾਲ ਸਬੰਧਤ ਦਾਅਵਿਆਂ ਦੀ ਹਾਲੇ ਤੱਕ ਕਿਸੇ ਸੁਤੰਤਰ ਸਰੋਤ ਤੋਂ ਪੁਸ਼ਟੀ ਨਹੀਂ ਹੋਈ।
ਪੰਨੂ ਨੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਰਜਕਾਲ ਨੂੰ ਅਜੇ ਤੱਕ ਨਹੀਂ ਭੁੱਲੇ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਉਸ ਦੌਰਾਨ ਸੱਤਾਧਾਰੀਆਂ ’ਤੇ ਗੰਭੀਰ ਸਵਾਲ ਉਠੇ ਸਨ, ਤਾਂ ਅਕਾਲੀ ਲੀਡਰਸ਼ਿਪ ਨੇ ਉਸੇ ਤਰ੍ਹਾਂ ਦੀ ਤੁਰੰਤ ਕਾਰਵਾਈ ਜਾਂ ਜਵਾਬਦੇਹੀ ਕਿਉਂ ਨਹੀਂ ਦਿਖਾਈ, ਜਿਸ ਦੀ ਮੰਗ ਉਹ ਅੱਜ ਹੋਰਨਾਂ ਤੋਂ ਕਰ ਰਹੀ ਹੈ।







