ਇੱਕ ਪਾਸੇ ਜਿੱਥੇ ਪੰਜਾਬ ਦੇ ਕਈ ਇਲਾਕੇ ਹੜ੍ਹ ਅਤੇ ਮਾੜੇ ਮੌਸਮ ਨਾਲ ਜੂਝ ਰਹੇ ਹਨ, ਉੱਥੇ ਹੀ ਭਾਰਤੀ ਮੌਸਮ ਵਿਭਾਗ ਵੱਲੋਂ ਨਵਾਂ ਅਨੁਮਾਨ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਅੱਜ ਅੰਮ੍ਰਿਤਸਰ, ਤਰਨਤਾਰਨ, ਮੋਗਾ, ਫਿਰੋਜ਼ਪੁਰ, ਮਾਨਸਾ, ਬਠਿੰਡਾ, ਬਰਨਾਲਾ, ਸੰਗਰੂਰ, ਲੁਧਿਆਣਾ, ਗੁਰਦਾਸਪੁਰ, ਹੋਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਪਟਿਆਲਾ ਅਤੇ ਰੂਪਨਗਰ ਵਿੱਚ ਸਭ ਤੋਂ ਵੱਧ ਬਾਰਿਸ਼ ਦੀ ਸੰਭਾਵਨਾ ਹੈ। ਖ਼ਾਸ ਤੌਰ ‘ਤੇ ਦੱਖਣੀ ਅਤੇ ਕੇਂਦਰੀ ਹਿੱਸਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 5 ਸਤੰਬਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਦਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਇਲਾਕਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। 6, 7 ਅਤੇ 8 ਸਤੰਬਰ ਨੂੰ ਵੀ ਕਈ ਇਲਾਕਿਆਂ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਵਿਭਾਗ ਨੇ ਲੋਕਾਂ ਨੂੰ ਸਚੇਤ ਰਹਿਣ ਲਈ ਕਿਹਾ ਹੈ, ਖ਼ਾਸ ਕਰਕੇ ਉਹਨਾਂ ਥਾਵਾਂ ‘ਤੇ ਜਿੱਥੇ ਪਹਿਲਾਂ ਹੀ ਹੜ੍ਹ ਦਾ ਖ਼ਤਰਾ ਮੌਜੂਦ ਹੈ।
