ਸਾਵਧਾਨ: ਪੰਜਾਬ ‘ਚ ਅੱਜ ਭਾਰੀ ਮੀਂਹ ਦਾ ਅਲਰਟ, ਇਨ੍ਹਾਂ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਸਵੇਰੇ ਤੋਂ ਹੋ ਰਹੀ ਤੇਜ਼ ਬਾਰਿਸ਼ ਨੇ ਮੌਸਮ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ 6 ਅਤੇ 7 ਅਕਤੂਬਰ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਦੇ ਅਨੁਸਾਰ ਅਗਲੇ 48 ਘੰਟੇ ਬਹੁਤ ਹੀ ਮਹੱਤਵਪੂਰਨ ਹੋਣਗੇ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਲਈ ਵੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਸ ਮੀਂਹ ਕਾਰਨ ਰਾਜ ਵਿੱਚ ਹੜ੍ਹ ਦਾ ਖ਼ਤਰਾ ਮੁੜ ਵਧ ਗਿਆ ਹੈ। ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਚੜ੍ਹ ਰਿਹਾ ਹੈ, ਜਿਸ ਕਾਰਨ ਦਬਾਅ ਘਟਾਉਣ ਲਈ ਹੌਲੀ-ਹੌਲੀ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਸਥਿਤੀ ‘ਤੇ ਕੰਟਰੋਲ ਬਣਾਇਆ ਰੱਖਿਆ ਜਾ ਸਕੇ।