ਅੰਮ੍ਰਿਤਸਰ/ਨਾਂਦੇੜ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਦੇਸ਼-ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਲਈ ਆਉਂਦੀ ਹੈ, ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ। ਅਜਿਹੇ ਪਵਿੱਤਰ ਅਸਥਾਨ ’ਤੇ ਇਸ ਤਰ੍ਹਾਂ ਦੀ ਘਟਨਾ ਵਾਪਰਨਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ। ਉਨ੍ਹਾਂ ਨੂੰ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਅਤੇ ਪ੍ਰਬੰਧਕਾਂ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਗਿਆ, ਪਰ ਇਸ ਦੇ ਬਾਵਜੂਦ ਕਿਸੇ ਸ਼ਰਾਰਤੀ ਅਨਸਰ ਵੱਲੋਂ ਉਨ੍ਹਾਂ ’ਤੇ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।
ਜਥੇਦਾਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਨਾ ਸਿਰਫ਼ ਗੁਰਦੁਆਰਾ ਸਾਹਿਬਾਨ ਦੇ ਮਾਣ-ਸਤਿਕਾਰ ਨੂੰ ਠੇਸ ਪਹੁੰਚਦੀ ਹੈ, ਸਗੋਂ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸ਼ਰਧਾਲੂ ’ਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖੀ ਸਿਧਾਂਤਾਂ ਦੇ ਉਲਟ ਕੰਮ ਕਰਦਾ ਹੈ।
ਉਨ੍ਹਾਂ ਸੰਗਤ ਨੂੰ ਸ਼ਾਂਤੀ, ਸੰਜਮ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਕਾਇਮ ਰੱਖਣ ਦੀ ਅਪੀਲ ਵੀ ਕੀਤੀ।







