ਹਾਈ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕੀਤੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਤਬਾਦਲਿਆਂ ਅਤੇ ਨਿਯੁਕਤੀਆਂ ਵਿੱਚ ਕਥਿਤ ਵਿੱਤੀ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰ ਦਿੱਤੀ ਹੈ।

ਇਹ ਮਾਮਲਾ ਪਟੀਸ਼ਨਕਰਤਾ ਨਿਖਿਲ ਸਰਾਫ਼ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਨਾਲ ਸਬੰਧਤ ਹੈ। ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਕੁਝ ਵਿਅਕਤੀਆਂ, ਸੀਨੀਅਰ ਸਰਕਾਰੀ ਅਧਿਕਾਰੀਆਂ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕੁਝ ਵਿਅਕਤੀਆਂ ’ਤੇ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ ਗਏ ਸਨ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਵੀ ਪੰਜਾਬ ਦੇ ਡੀਜੀਪੀ ਨੂੰ ਤਿੰਨ ਪੱਤਰ ਭੇਜ ਕੇ ਸਰਕਾਰੀ ਤਬਾਦਲਿਆਂ, ਤਾਇਨਾਤੀਆਂ ਅਤੇ ਹੋਰ ਲੈਣ-ਦੇਣ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਦੀ ਮੰਗ ਕੀਤੀ ਗਈ ਸੀ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਨਾਲ ਸਬੰਧਤ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਬੈਂਚ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਜ਼ਰੂਰੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਹੁਣ ਤੱਕ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਤਸੱਲੀਬਖ਼ਸ਼ ਨਹੀਂ ਰਹੀ।

ਹਾਈ ਕੋਰਟ ਨੇ ਸੀਬੀਆਈ ਨੂੰ ਮਾਮਲੇ ਦੀ ਜਾਂਚ ਸੌਂਪਦਿਆਂ ਐੱਫਆਈਆਰ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਨੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਨੂੰ ਸੀਬੀਆਈ ਨੂੰ ਹਰ ਸੰਭਵ ਸਹਿਯੋਗ ਦੇਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਪਟੀਸ਼ਨ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਕਈ ਪੱਤਰ ਭੇਜੇ ਜਾਣ ਦੇ ਬਾਵਜੂਦ ਕਥਿਤ ਦੋਸ਼ਾਂ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।