ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਸਮੇਤ ਉੱਤਰ-ਪੱਛਮੀ ਭਾਰਤ ਦੇ ਕਈ ਸੂਬਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 14 ਅਤੇ 15 ਸਤੰਬਰ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
IMD ਦੀ 7 ਦਿਨਾਂ ਦੀ ਭਵਿੱਖਬਾਣੀ ਅਨੁਸਾਰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 11 ਸਤੰਬਰ ਨੂੰ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 12 ਤੋਂ 15 ਸਤੰਬਰ ਅਤੇ ਮੁੜ 16 ਤੇ 17 ਸਤੰਬਰ ਨੂੰ ਵੀ ਕਈ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 11 ਤੋਂ 13 ਸਤੰਬਰ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਉਮੀਦ ਹੈ। ਇਸ ਤੋਂ ਬਾਅਦ 14 ਅਤੇ 15 ਸਤੰਬਰ ਨੂੰ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ, ਜਦਕਿ 16 ਅਤੇ 17 ਸਤੰਬਰ ਨੂੰ ਵੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।
14 ਸਤੰਬਰ ਲਈ ਜਾਰੀ ਕੀਤੀ ਚਿਤਾਵਨੀ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਪੂਰਬੀ ਰਾਜਸਥਾਨ ਅਤੇ ਉੱਤਰ-ਪੂਰਬੀ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ।
15 ਸਤੰਬਰ ਨੂੰ ਵੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਰਹੇਗਾ। ਇਸ ਦੌਰਾਨ ਸੌਰਾਸ਼ਟਰ-ਕੱਛ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਸਮੇਤ ਕਈ ਹੋਰ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰਾਖੰਡ ਵਿੱਚ 11 ਤੋਂ 14 ਸਤੰਬਰ ਤੱਕ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 11 ਤੋਂ 13 ਸਤੰਬਰ ਵਿਚਕਾਰ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਰਾਜਸਥਾਨ ਵਿੱਚ 13 ਤੋਂ 15 ਸਤੰਬਰ ਤੱਕ ਵਿਆਪਕ ਮੀਂਹ ਦੀ ਸੰਭਾਵਨਾ ਹੈ ਅਤੇ 13 ਤੇ 14 ਸਤੰਬਰ ਨੂੰ ਕੁਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।







