ਫਾਜ਼ਿਲਕਾ ਦੇ ਪਿੰਡ ਕਮਾਲ ਵਾਲਾ ਵਿੱਚ ਇੱਕ ਅਵਾਰਾ ਕੁੱਤੇ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਜਾਣਕਾਰੀ ਮੁਤਾਬਕ ਪਿੰਡ ਵਿੱਚ ਦਾਖ਼ਲ ਹੋਏ ਕੁੱਤੇ ਨੇ ਵੱਖ-ਵੱਖ ਥਾਵਾਂ ’ਤੇ ਹਮਲਾ ਕਰਦਿਆਂ 12 ਤੋਂ ਵੱਧ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ, ਜਿਨ੍ਹਾਂ ਵਿੱਚ ਬਜ਼ੁਰਗਾਂ ਸਮੇਤ ਕਈ ਪਿੰਡ ਵਾਸੀ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਲੋਕ ਜਦੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਘਰਾਂ ਤੋਂ ਬਾਹਰ ਨਿਕਲੇ ਤਾਂ ਕੁੱਤੇ ਨੇ ਅਚਾਨਕ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਲਗਾਤਾਰ ਹੋ ਰਹੇ ਹਮਲਿਆਂ ਕਾਰਨ ਪਿੰਡ ਵਿੱਚ ਡਰ ਦਾ ਮਾਹੌਲ ਬਣ ਗਿਆ। ਸਥਿਤੀ ਨੂੰ ਦੇਖਦਿਆਂ ਧਾਰਮਿਕ ਅਸਥਾਨ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਨਾਂ ਜ਼ਰੂਰਤ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ।
ਕੁੱਤੇ ਦੇ ਕੱਟਣ ਤੋਂ ਬਾਅਦ ਕੁਝ ਪੀੜਤਾਂ ਨੇ ਆਪਣੀ ਜੇਬ ਵਿੱਚੋਂ ਪੈਸੇ ਖਰਚ ਕਰਕੇ ਟੀਕੇ ਅਤੇ ਇਲਾਜ ਕਰਵਾਇਆ, ਜਦਕਿ ਕਈ ਲੋਕਾਂ ਨੂੰ ਸਮੇਂ ਸਿਰ ਇੰਜੈਕਸ਼ਨ ਨਾ ਮਿਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਪੀੜਤ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵੀ ਪਹੁੰਚੇ।
ਪੀੜਤ ਇੰਦਰਸੇਨ, ਬੀਰਬਲ, ਮਦਨ ਲਾਲ ਅਤੇ ਸੋਨੂੰ ਨੇ ਦੱਸਿਆ ਕਿ ਕੁੱਤੇ ਦੇ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਖੁਦ ਪੈਸੇ ਖਰਚ ਕਰਨੇ ਪਏ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤੇ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਹਿਸ਼ਤ ਤੋਂ ਰਾਹਤ ਮਿਲ ਸਕੇ।







