ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਦੇਸ਼ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਮੁੜ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ।
ਆਪਣੇ ਦਿਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਸਰੋਜਨੀ ਨਗਰ ਸਥਿਤ ਪ੍ਰਸਿੱਧ ਸ਼੍ਰੀ ਵਿਨਾਇਕ ਮੰਦਰ ਵਿੱਚ ਪੂਜਾ-ਅਰਚਨਾ ਕਰਕੇ ਕੀਤੀ। ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਦੇਸ਼ ਵਾਸੀਆਂ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਚੰਗੀ ਸਿਹਤ ਲਈ ਭਗਵਾਨ ਗਣੇਸ਼ ਜੀ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਵਿਘਨਹਰਤਾ ਦੀ ਕਿਰਪਾ ਨਾਲ ਹਰ ਕਿਸੇ ਦਾ ਭਲਾ ਹੋਵੇ ਅਤੇ ਭਾਰਤ ਲਗਾਤਾਰ ਤਰੱਕੀ ਦੀ ਰਾਹ ’ਤੇ ਅੱਗੇ ਵਧਦਾ ਰਹੇ।
ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਨੇ 7 ਅਕਤੂਬਰ 2001 ਨੂੰ ਪਹਿਲੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਮੁੱਖ ਮੰਤਰੀ ਦੇ ਤੌਰ ’ਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਅਗਵਾਈ ਵਿੱਚ ਭਾਜਪਾ ਨੇ ਗੁਜਰਾਤ ਵਿੱਚ ਲਗਾਤਾਰ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ।
ਇਸ ਤੋਂ ਬਾਅਦ 2014 ਵਿੱਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਦਿਆਂ ਕੇਂਦਰ ਵਿੱਚ ਸਰਕਾਰ ਬਣਾਈ। ਪਾਰਟੀ ਨੇ 2019 ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਸੱਤਾ ਬਰਕਰਾਰ ਰੱਖੀ।
ਪ੍ਰਧਾਨ ਮੰਤਰੀ ਦੇ ਜਨਤਕ ਜੀਵਨ ਵਿੱਚ 25 ਸਾਲ ਪੂਰੇ ਹੋਣ ’ਤੇ ਭਾਜਪਾ ਵੱਲੋਂ ਮਹੀਨਾ ਭਰ ਚੱਲਣ ਵਾਲਾ ‘ਸੇਵਾ ਪੱਖਵਾੜਾ’ ਮਨਾਇਆ ਜਾ ਰਿਹਾ ਹੈ। ਇਸੇ ਸਿਲਸਿਲੇ ਵਿੱਚ ਪਿਛਲੇ ਦਿਨ ਕੇਂਦਰੀ ਕੈਬਨਿਟ ਦੀ ਬੈਠਕ ਦੌਰਾਨ ਮੰਤਰੀਆਂ ਨੇ ਖੜ੍ਹੇ ਹੋ ਕੇ ਤਾੜੀਆਂ ਨਾਲ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਮੋਦੀ ਸਰਕਾਰ ਦੇ ਕਾਰਜਕਾਲ ਨਾਲ ਸਬੰਧਤ 10 ਪ੍ਰਮੁੱਖ ਉਪਲਬਧੀਆਂ ਨੂੰ ਉਜਾਗਰ ਕਰਦਿਆਂ ਇੱਕ ਮਤਾ ਵੀ ਪਾਸ ਕੀਤਾ ਗਿਆ।







