Punjab Employees’ Maha Bandh: ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਕ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਮਹਾਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਸੜਕਾਂ, ਬਾਜ਼ਾਰਾਂ ਅਤੇ ਆਵਾਜਾਈ ਸੇਵਾਵਾਂ ਨੂੰ ਪ੍ਰਭਾਵਿਤ ਨਹੀਂ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਬੰਦ ਦੇ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਪੱਕੇ ਅਤੇ ਠੇਕਾ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਰਹਿਣਗੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹਿ ਸਕਦਾ ਹੈ। ਇਸ ਕਾਰਨ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਾਲ ਜੁੜੇ ਕੰਮਾਂ ਵਿੱਚ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਜਨਤਕ ਆਵਾਜਾਈ ਅਤੇ ਵਪਾਰਕ ਗਤੀਵਿਧੀਆਂ ਆਮ ਵਾਂਗ ਜਾਰੀ ਰਹਿਣਗੀਆਂ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਕਈ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਉਨ੍ਹਾਂ ਦਾ ਹੱਲ ਨਹੀਂ ਕੀਤਾ ਗਿਆ। ਜਥੇਬੰਦੀਆਂ ਵੱਲੋਂ ਮਹਿੰਗਾਈ ਭੱਤੇ (ਡੀਏ) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੇਂਦਰੀ ਪੈਟਰਨ ਅਨੁਸਾਰ ਤਨਖਾਹ ਸਕੇਲ ਲਾਗੂ ਕਰਨ ਅਤੇ ਨਵੇਂ ਭਰਤੀ ਮੁਲਾਜ਼ਮਾਂ ਦੀ ਤਿੰਨ ਸਾਲਾ ਪ੍ਰੋਬੇਸ਼ਨ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਹਾਈ ਕੋਰਟ ਦੇ ਡਬਲ ਬੈਂਚ ਵੱਲੋਂ ਦਿੱਤੇ ਗਏ ਫ਼ੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ।
27 ਅਗਸਤ ਨੂੰ ਹੋਣ ਵਾਲੀ ਹੜਤਾਲ ਵਿੱਚ ਸਕੂਲਾਂ, ਕਾਲਜਾਂ, ਬਿਜਲੀ ਵਿਭਾਗ, ਤਹਿਸੀਲਾਂ, ਐਸਡੀਐਮ ਦਫ਼ਤਰਾਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਸੰਘਰਸ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ।







