6 ਸਤੰਬਰ ਨੂੰ ਖਾਲੜਾ ਯਾਦਗਾਰੀ ਦਿਹਾੜਾ ਮਨਾਇਆ ਜਾਵੇਗਾ: ਗੜਗੱਜ

ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਹੋਵੇਗਾ ਸਮਾਗਮ

ਜਸਵੰਤ ਸਿੰਘ ਖਾਲੜਾ ਦੀ ਯਾਦ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਸਮਾਗਮ ਹਰ ਸਾਲ 6 ਸਤੰਬਰ ਨੂੰ ਕਰਵਾਉਣ ਦਾ ਵੀ ਫ਼ੈਸਲਾ ਕੀਤਾ ਹੈ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਸ੍ਰੀ ਖਾਲੜਾ ਦੀ ਯਾਦ ਵਿੱਚ 4 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 6 ਸਤੰਬਰ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੰਜਾਬ ਵਿੱਚ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਪਰਿਵਾਰਾਂ ਲਈ ਮਹੱਤਵਪੂਰਨ ਸੰਘਰਸ਼ ਕੀਤਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹਾਨ ਸ਼ਹਾਦਤ ਦਿੱਤੀ ਸੀ। ਅਜਿਹੇ ਪਾਵਨ ਅਸਥਾਨ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਸ਼ੁਰੂਆਤ ਕੀਤੇ ਜਾਣ ਦੇ ਮੌਕੇ ਸ੍ਰੀ ਖਾਲੜਾ ਦੇ ਸੰਘਰਸ਼ ਅਤੇ ਉਨ੍ਹਾਂ ਦੀ ਯਾਦ ਨੂੰ ਵੀ ਸਨਮਾਨ ਦੇਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਇਸ ਵਾਰ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਖਾਲੜਾ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਗਿਆਨੀ ਗੜਗੱਜ ਨੇ ਦੱਸਿਆ ਕਿ ਹੁਣ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰ ਸਾਲ 6 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਇਆ ਜਾਵੇਗਾ।