9 ਸਾਲ ਪੁਰਾਣੇ ਮਾਣਹਾਨੀ ਕੇਸ ਵਿੱਚ ਸੁਖਬੀਰ ਬਾਦਲ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਅਖੰਡ ਕੀਰਤਨੀ ਜਥਾ ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਨੂੰ 9 ਸਾਲ ਪੁਰਾਣੇ ਕੇਸ ਵਿੱਚ ਮਿਲ ਸਕਦੀ ਹੈ ਰਾਹਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਲਗਭਗ ਨੌਂ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਜਲਦ ਰਾਹਤ ਮਿਲਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਇਹ ਕੇਸ ਜਨਵਰੀ 2017 ਵਿੱਚ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਸੁਖਬੀਰ ਬਾਦਲ ਨੇ ਅਖੰਡ ਕੀਰਤਨੀ ਜਥੇ ਨੂੰ ਅਤਿਵਾਦੀ ਸੰਗਠਨ ਨਾਲ ਜੋੜਦੇ ਹੋਏ ਵਿਵਾਦਤ ਟਿੱਪਣੀ ਕੀਤੀ ਸੀ।

ਮਾਮਲੇ ਦੀ ਸੁਣਵਾਈ ਦੌਰਾਨ ਸੁਖਬੀਰ ਬਾਦਲ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ ਅਤੇ ਅਗਲੀ ਸੁਣਵਾਈ ਮੌਕੇ ਕੇਸ ਵਾਪਸ ਲਏ ਜਾਣ ਦੀ ਸੰਭਾਵਨਾ ਹੈ। ਇਸ ’ਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਤੱਕ ਮੁਲਤਵੀ ਕਰਦਿਆਂ ਕਿਹਾ ਕਿ ਜੇਕਰ ਸਮਝੌਤਾ ਹੋਇਆ ਹੈ ਤਾਂ ਉਸ ਦੀ ਲਿਖਤੀ ਕਾਪੀ ਅਦਾਲਤ ਅੱਗੇ ਪੇਸ਼ ਕੀਤੀ ਜਾਵੇ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਸੁਖਬੀਰ ਬਾਦਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਚੁੱਕੀ ਹੈ, ਜਿਸ ਵਿੱਚ ਉਨ੍ਹਾਂ ਨੇ 2017 ਦੀ ਅਪਰਾਧਿਕ ਮਾਣਹਾਨੀ ਸ਼ਿਕਾਇਤ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਕਤੂਬਰ 2025 ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਸ਼ਿਕਾਇਤ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਸੀ।

ਸ਼ਿਕਾਇਤ ਅਨੁਸਾਰ ਜਨਵਰੀ 2017 ਵਿੱਚ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਸੀ ਕਿ ਅਖੰਡ ਕੀਰਤਨੀ ਜਥਾ ਇੱਕ ਅਤਿਵਾਦੀ ਜਥੇਬੰਦੀ ਦਾ “ਸਿਆਸੀ ਮੋਰਚਾ” ਹੈ। ਇਹ ਵਿਵਾਦ ਉਸ ਵੇਲੇ ਉਭਰਿਆ ਸੀ ਜਦੋਂ ਅਖੰਡ ਕੀਰਤਨੀ ਜਥੇ ਦੇ ਪ੍ਰਤੀਨਿਧੀ ਰਾਜਿੰਦਰ ਪਾਲ ਸਿੰਘ ਨੇ ਉਸ ਸਮੇਂ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।

ਅਦਾਲਤ ਦੇ ਹੁਕਮਾਂ ’ਤੇ ਚੰਡੀਗੜ੍ਹ ਪੁਲੀਸ ਨੇ ਮਾਮਲੇ ਦੀ ਜਾਂਚ ਕਰਕੇ 28 ਨਵੰਬਰ 2019 ਨੂੰ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਸੀ। ਇਸ ਰਿਪੋਰਟ ਦੇ ਆਧਾਰ ’ਤੇ ਹੀ ਰਾਜਿੰਦਰ ਪਾਲ ਸਿੰਘ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਅੱਗੇ ਵਧਾਈ ਗਈ ਸੀ। ਹੁਣ ਦੋਵਾਂ ਧਿਰਾਂ ਵਿਚਾਲੇ ਸਮਝੌਤੇ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਇਸ ਲੰਬੇ ਸਮੇਂ ਤੋਂ ਚੱਲ ਰਹੇ ਮਾਮਲੇ ਦੇ ਨਿਪਟਾਰੇ ਦੀ ਸੰਭਾਵਨਾ ਵੱਧ ਗਈ ਹੈ।