ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਤੋਹਫ਼ਾ, ਦੌੜੀ ਖੁਸ਼ੀ ਦੀ ਲਹਿਰ

ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕੈਡਰ ਅਧਿਆਪਕਾਂ ਨੂੰ ਲੈਕਚਰਾਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਇਹ ਤਰੱਕੀਆਂ ਅਧਿਆਪਕਾਂ ਦੇ ਸਾਲਾਂ ਦੇ ਤਜਰਬੇ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੇ ਸਮਰਪਿਤ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ।

ਮੰਤਰੀ ਨੇ ਜਾਣਕਾਰੀ ਦਿੱਤੀ ਕਿ ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ 360 ਪੰਜਾਬੀ, 271 ਰਾਜਨੀਤੀ ਵਿਗਿਆਨ, 135 ਅੰਗਰੇਜ਼ੀ, 40 ਕਾਮਰਸ, 2 ਸੰਸਕ੍ਰਿਤ, 1 ਫਾਈਨ ਆਰਟਸ, 3 ਹੋਮ ਸਾਇੰਸ ਅਤੇ 2 ਸਮਾਜ ਵਿਗਿਆਨ ਦੇ ਅਧਿਆਪਕ ਸ਼ਾਮਲ ਹਨ। ਇਸ ਫ਼ੈਸਲੇ ਨਾਲ ਸਿੱਖਿਆ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਅਧਿਆਪਕਾਂ ਵਿੱਚ ਨਵੀਂ ਉਮੀਦ ਜਾਗ ਰਹੀ ਹੈ।

ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਭਰੋਸਾ ਜਤਾਇਆ ਕਿ ਇਹ ਅਧਿਆਪਕ ਆਪਣੇ ਤਜਰਬੇ ਅਤੇ ਜਜ਼ਬੇ ਨਾਲ ਨੌਜਵਾਨ ਪੀੜ੍ਹੀ ਨੂੰ, ਜੋ ਭਵਿੱਖ ਵਿੱਚ ਦੇਸ਼ ਦੀ ਅਗਵਾਈ ਕਰੇਗੀ, ਹੋਰ ਵੀ ਪ੍ਰੇਰਿਤ ਤੇ ਸਿੱਖਿਆ ਪ੍ਰਦਾਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਤਰੱਕੀ ਅਧਿਆਪਕਾਂ ਦੇ ਕਰੀਅਰ ਵਿੱਚ ਇੱਕ ਮਹੱਤਵਪੂਰਨ ਮੋੜ ਹੈ, ਜੋ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਬੌਧਿਕ ਅਤੇ ਨਿੱਜੀ ਵਿਕਾਸ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗੀ। ਬੈਂਸ ਨੇ ਯਕੀਨ ਦਵਾਇਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਇੱਕ ਅਜਿਹਾ ਮਾਹੌਲ ਬਣਾਉਣ ਲਈ ਵਚਨਬੱਧ ਹੈ, ਜੋ ਵਿਦਿਆਰਥੀਆਂ ਦੀ ਸਫਲਤਾ ਅਤੇ ਅਧਿਆਪਕਾਂ ਦੇ ਪੇਸ਼ਾਵਰ ਵਿਕਾਸ ਦੋਵੇਂ ਲਈ ਅਨੁਕੂਲ ਹੋਵੇ।