ਪੰਜਾਬ ਸਰਕਾਰ ਨੇ ਹੜ੍ਹ-ਪ੍ਰਭਾਵਿਤ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ 5 ਲੱਖ ਏਕੜ ਜ਼ਮੀਨ ‘ਤੇ ਮੁੜ ਬਿਜਾਈ ਲਈ ਸਰਕਾਰ ਵੱਲੋਂ ਉੱਚ ਗੁਣਵੱਤਾ ਵਾਲੇ ਬੀਜ ਮੁਫ਼ਤ ਵੰਡੇ ਜਾਣਗੇ। ਇਸ ਤੋਂ ਇਲਾਵਾ, ਹੜ੍ਹ ਨਾਲ ਪ੍ਰਭਾਵਿਤ ਨਾ ਹੋਏ ਬਾਕੀ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਇਹ ਬੀਜ 50 ਫ਼ੀਸਦੀ ਸਬਸਿਡੀ ‘ਤੇ ਉਪਲਬਧ ਕਰਵਾਏ ਜਾਣਗੇ।
ਪ੍ਰੈੱਸ ਕਾਨਫ਼ਰੰਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ, ਖ਼ਾਸਕਰ ਉਹ ਜੋ ਹੜ੍ਹਾਂ ਨਾਲ ਪੀੜਤ ਹਨ। ਇਸੇ ਲਈ ਸਰਕਾਰ ਨੇ ਕਣਕ ਦੇ ਬੀਜਾਂ ਦੀ ਵੰਡਣ ਦੀ ਯੋਜਨਾ ਬਣਾਈ ਹੈ, ਜਿਸ ਦਾ ਸਾਰਾ ਖਰਚਾ ਸਰਕਾਰ ਖੁਦ ਝੱਲੇਗੀ। ਇਸ ਲਈ 17 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਹੜ੍ਹਾਂ ਕਾਰਨ ਪੰਜਾਬ ਦੇ 2300 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਨਾਲ ਨਾ ਸਿਰਫ਼ ਖੇਤੀਬਾੜੀ ਸਗੋਂ ਪਸ਼ੂਧਨ ਨੂੰ ਵੀ ਵੱਡਾ ਨੁਕਸਾਨ ਪਹੁੰਚਿਆ ਹੈ। ਪਸ਼ੂਆਂ ਦੀ ਸੰਭਾਲ ਲਈ ਸਰਕਾਰ ਵੱਲੋਂ ਤੁਰੰਤ ਦਵਾਈਆਂ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ।