ਪੰਜਾਬ ‘ਚ ਇਸ ਦਿਨ ਪਵੇਗਾ ਮੀਂਹ! ਸੰਘਣੀ ਧੁੰਦ ਤੋਂ ਮਿਲੇਗੀ ਰਾਹਤ

ਪੰਜਾਬ ਦੇ ਵੱਡੇ ਹਿੱਸੇ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਦੀ ਗ੍ਰਿਫ਼ਤ ਵਿੱਚ ਹਨ। ਧੁੰਦ ਕਾਰਨ ਵਿਜ਼ੀਬਿਲਟੀ ਕਾਫ਼ੀ ਘੱਟ ਹੋਣ ਨਾਲ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਰਫ਼ਤਾਰ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 19 ਦਸੰਬਰ ਤੱਕ ਸੂਬੇ ਵਿੱਚ ਸੰਘਣੀ ਧੁੰਦ ਬਣੇ ਰਹਿਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦਰਮਿਆਨ ਪੰਜਾਬ ਵਿੱਚ ਸਰਦੀਆਂ ਦੀ ਪਹਿਲੀ ਬਰਸਾਤ ਹੋਣ ਦੇ ਵੀ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਅਨੁਸਾਰ 20 ਦਸੰਬਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਤੋਂ ਬਾਅਦ ਧੁੰਦ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਅੱਜ ਅਤੇ ਕੱਲ੍ਹ ਪੰਜਾਬ ਦੇ 14 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 17 ਅਤੇ 18 ਦਸੰਬਰ ਨੂੰ ਜਲੰਧਰ, ਲੁਧਿਆਣਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਸੰਗਰੂਰ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ 19 ਦਸੰਬਰ ਨੂੰ ਪੂਰੇ ਸੂਬੇ ਵਿੱਚ ਧੁੰਦ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਲਾਗੂ ਰਹੇਗਾ।

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਇੱਕ ਨਵੇਂ ਪੱਛਮੀ ਪ੍ਰਭਾਵ ਕਾਰਨ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਆਵੇਗੀ। ਇਸ ਦੇ ਚਲਦੇ 20 ਦਸੰਬਰ ਨੂੰ ਸਰਹੱਦੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਹਲਕੀ ਵਰਖਾ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।