ਗੜ੍ਹਸ਼ੰਕਰ:
ਨਵੇਂ ਸਾਲ ਦੇ ਪਹਿਲੇ ਹੀ ਦਿਨ ਪੰਜਾਬ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਗੜ੍ਹਸ਼ੰਕਰ ਦੇ ਪਿੰਡ ਬੋੜਾ ਨੇੜੇ ਇੱਕ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਰਵਿਸ਼ ਕੁਮਾਰ (ਥਾਣਾ ਗੜ੍ਹਸ਼ੰਕਰ) ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ’ਤੇ ਸਵਾਰ ਚਾਰ ਨੌਜਵਾਨਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰੀ, ਜਿਸ ਨਾਲ ਤਿੰਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਅਨੁਸਾਰ, ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖ਼ਮੀ ਨੌਜਵਾਨਾਂ ਦੀ ਉਮਰ ਲਗਭਗ 15 ਤੋਂ 20 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਉਨ੍ਹਾਂ ਨੂੰ ਪਛਾਣ ਲਈ ਰੱਖਿਆ ਗਿਆ ਹੈ। ਪਰਿਵਾਰਕ ਬਿਆਨਾਂ ਦੇ ਆਧਾਰ ’ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।






