ਜ਼ਿਲ੍ਹਾ ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਤ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45), ਪੁੱਤਰ ਇਕਬਾਲ ਸਿੰਘ, ਦਾ ਬੀਤੇ ਦਿਨ ਇੱਕ ਵਿਆਹ ਸਮਾਰੋਹ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦਿਲ ਦਹਲਾ ਦੇਣ ਵਾਲੀ ਘਟਨਾ ਨਾਲ ਵਿਆਹ ਦੀਆਂ ਖੁਸ਼ੀਆਂ ਇਕ ਪਲ ਵਿੱਚ ਸੋਗ ਵਿੱਚ ਤਬਦੀਲ ਹੋ ਗਈਆਂ ਅਤੇ ਮੌਕੇ ’ਤੇ ਹੜਕੰਪ ਮਚ ਗਿਆ।
ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ.ਜੀ.ਪੀ. ਪੰਜਾਬ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ ਹੇਠ ਡੀ.ਐੱਸ.ਪੀ. ਪੱਟੀ ਜਗਬੀਰ ਸਿੰਘ ਅਤੇ ਸਰਹਾਲੀ ਥਾਣਾ ਮੁਖੀ ਗੁਰਵਿੰਦਰ ਸਿੰਘ ਲਾਡਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਸਤਨਾਮ ਸਿੰਘ ਸੱਤਾ ਨੇ ਸੋਸ਼ਲ ਮੀਡੀਆ ਰਾਹੀਂ ਲਈ ਹੈ। ਉਸ ਨੇ ਆਪਣੀ ਪੋਸਟ ਵਿੱਚ ਧਮਕੀਭਰੇ ਲਹਿਜ਼ੇ ਵਿੱਚ ਕਿਹਾ ਕਿ ਜੋ ਵੀ ਉਸਦਾ ਵਿਰੋਧੀ ਹੈ, ਉਸਨੂੰ ਖੁੱਲ੍ਹੇਆਮ ਨਿਪਟਾਇਆ ਜਾਵੇਗਾ।
ਜਾਣਕਾਰੀ ਮੁਤਾਬਕ, ਜਦੋਂ ਹਰਭਿੰਦਰ ਸਿੰਘ ਵਿਆਹ ਸਮਾਗਮ ਦੌਰਾਨ ਸਟੇਜ ’ਤੇ ਆਪਣੇ ਸਾਥੀਆਂ ਅਤੇ ਰਿਸ਼ਤੇਦਾਰਾਂ ਨਾਲ ਨੱਚ ਰਹੇ ਸਨ, ਤਾਂ ਅਚਾਨਕ ਇਕ ਅਣਪਛਾਤੇ ਹਮਲਾਵਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਢਿੱਡ ਅਤੇ ਸਿਰ ਵਿੱਚ ਗੋਲੀਆਂ ਲੱਗਣ ਕਾਰਨ ਹਰਭਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਫਰਾਰ ਹੋ ਗਿਆ। ਇਸ ਦੌਰਾਨ ਇਕ ਹੋਰ ਵਿਅਕਤੀ ਵੀ ਜ਼ਖਮੀ ਹੋਇਆ, ਜਿਸਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਥਾਣਾ ਸਰਹਾਲੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।





