ਤਰਨਤਾਰਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਦੇ ਮੌਜੂਦਾ ‘ਆਪ’ ਸਰਪੰਚ ਪਰਮਜੀਤ ਸਿੰਘ ਨੂੰ ਕੇਂਦਰੀ ਏਜੰਸੀ ਨਾਰਕੋਟਿਕ ਕੰਟਰੋਲ ਬਿਊਰੋ (ਐੱਨ.ਸੀ.ਬੀ.) ਵੱਲੋਂ ਮੰਗਲਵਾਰ ਸਵੇਰੇ ਤੜਕਸਾਰ ਉਸ ਦੇ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਉਸ ਕੋਲੋਂ ਕਰੀਬ 18 ਕਿਲੋ ਹੈਰੋਇਨ ਬਰਾਮਦ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਮਾਮਲੇ ਸਬੰਧੀ ਐੱਨ.ਸੀ.ਬੀ. ਵੱਲੋਂ ਥਾਣਾ ਅੰਮ੍ਰਿਤਸਰ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੂਤਰਾਂ ਅਨੁਸਾਰ ਮੰਗਲਵਾਰ ਸਵੇਰੇ ਐੱਨ.ਸੀ.ਬੀ. ਦੀ ਇੱਕ ਖ਼ਾਸ ਟੀਮ ਪਿੰਡ ਕਲਸੀਆਂ ਕਲਾਂ ਵਿੱਚ ਪਹੁੰਚੀ ਅਤੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਟੀਮ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਘਰ ਦੀ ਤਲਾਸ਼ੀ ਲਈ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦੀ ਨਿਸ਼ਾਨਦੇਹੀ ’ਤੇ ਕਰੀਬ 18 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 90 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਗੌਰਤਲਬ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਇਸ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਬਣਾਈ ਗਈ ਵਿਲੇਜ ਡਿਫੈਂਸ ਕਮੇਟੀ ਦਾ ਪ੍ਰਧਾਨ ਵੀ ਪਰਮਜੀਤ ਸਿੰਘ ਹੀ ਸੀ।
ਹਾਲਾਂਕਿ ਇਸ ਕਾਰਵਾਈ ਬਾਰੇ ਤਰਨਤਾਰਨ ਜ਼ਿਲ੍ਹੇ ਦੇ ਕਿਸੇ ਵੀ ਪੁਲਸ ਅਧਿਕਾਰੀ ਵੱਲੋਂ ਅਧਿਕਾਰਕ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ। ਉਧਰ ਦੂਜੇ ਪਾਸੇ, ਖੇਮਕਰਨ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਸ਼ੇਸ਼ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਸੋਸ਼ਲ ਮੀਡੀਆ ’ਤੇ ਇਸ ਮਾਮਲੇ ਸਬੰਧੀ ਪੋਸਟ ਕਰਦਿਆਂ ਸਰਪੰਚ ਪਰਮਜੀਤ ਸਿੰਘ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ।






