ਸ੍ਰੀ ਮੁਕਤਸਰ ਸਾਹਿਬ ਵਿੱਚ ਆਨਲਾਈਨ ਫਾਰਮੇਸੀ ਅਤੇ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ’ਚ ਕੈਮਿਸਟ ਐਸੋਸੀਏਸ਼ਨ ਵੱਲੋਂ 20 ਮਈ ਨੂੰ ਰਾਜ ਪੱਧਰੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਿਚੀ ਭਟੇਜਾ ਨੇ ਕਿਹਾ ਕਿ ਸੂਬੇ ਭਰ ਦੇ ਕੈਮਿਸਟ ਉਸ ਦਿਨ ਆਪਣੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਕੈਮਿਸਟ ਭਾਈਚਾਰਾ ਕਾਫੀ ਸਮੇਂ ਤੋਂ ਆਪਣੇ ਆਪ ਨੂੰ ਅਣਡਿੱਠਾ ਮਹਿਸੂਸ ਕਰ ਰਿਹਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਕਾਰਨ ਰਵਾਇਤੀ ਦਵਾਈ ਕਾਰੋਬਾਰ ਬੁਰੇ ਪ੍ਰਭਾਵ ਹੇਠ ਆ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਰਿਚੀ ਭਟੇਜਾ ਨੇ ਕਿਹਾ ਕਿ ਗੈਰ-ਕਾਨੂੰਨੀ ਆਨਲਾਈਨ ਦਵਾਈ ਵਿਕਰੀ ’ਤੇ ਤੁਰੰਤ ਰੋਕ ਲਗਾਈ ਜਾਵੇ, ਕਿਉਂਕਿ ਇਸ ਨਾਲ ਕੈਮਿਸਟਾਂ ਦੇ ਕਾਰੋਬਾਰ ਨੂੰ ਨੁਕਸਾਨ ਹੋ ਰਿਹਾ ਹੈ ਅਤੇ ਨਕਲੀ ਦਵਾਈਆਂ ਦਾ ਖਤਰਾ ਵੀ ਵਧ ਰਿਹਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਡਰੱਗ ਵਿਭਾਗ ਵੱਲੋਂ ਕੈਮਿਸਟਾਂ ਨੂੰ ਬਿਨਾਂ ਕਾਰਨ ਤੰਗ ਕਰਨਾ ਬੰਦ ਕੀਤਾ ਜਾਵੇ ਅਤੇ ਲਾਇਸੈਂਸ ਰਿਨਿਊਅਲ ਦੌਰਾਨ ਆ ਰਹੀਆਂ ਤਕਨੀਕੀ ਸਮੱਸਿਆਵਾਂ ਅਤੇ ਦੇਰੀ ਨੂੰ ਖਤਮ ਕੀਤਾ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ 20 ਮਈ ਨੂੰ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਬਾਕੀ ਸਾਰੀਆਂ ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਪਹਿਲਾਂ ਹੀ ਕਰ ਲੈਣ ਤਾਂ ਜੋ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।




