ਪੰਜਾਬ ਵਾਸੀਆਂ ਲਈ ਅਹਿਮ ਜਾਣਕਾਰੀ: ਦੋਰਾਹਾ ਸ਼ਹਿਰ ਦੇ ਵਪਾਰੀਆਂ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ 26, 27 ਅਤੇ 28 ਜੂਨ ਨੂੰ ਸ਼ਹਿਰ ਦੇ ਸਾਰੇ ਬਾਜ਼ਾਰ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਇਹ ਫੈਸਲਾ ਆਲ ਟ੍ਰੇਡ ਯੂਨੀਅਨ ਦੋਰਾਹਾ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਰਵਸੰਮਤੀ ਨਾਲ ਲਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਪਾਰੀ ਆਗੂ ਅਤੇ ਮੈਂਬਰ ਸ਼ਾਮਲ ਹੋਏ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਕਲਣ ਵਾਲੀ ਸਦਭਾਵਨਾ ਯਾਤਰਾ ਦੇ ਸਨਮਾਨ ਅਤੇ ਸਫਲ ਆਯੋਜਨ ਲਈ ਇਹ ਤਿੰਨ ਦਿਨਾਂ ਦਾ ਬੰਦ ਰੱਖਿਆ ਜਾ ਰਿਹਾ ਹੈ। ਵਪਾਰੀਆਂ ਦਾ ਮੰਨਣਾ ਹੈ ਕਿ ਇਹ ਯਾਤਰਾ ਆਪਸੀ ਭਾਈਚਾਰੇ, ਏਕਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ, ਇਸ ਲਈ ਇਸ ਨੂੰ ਪੂਰਾ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ।
ਯੂਨੀਅਨ ਵੱਲੋਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਇਸ ਯਤਨ ਵਿੱਚ ਸਾਂਝ ਪਾਉਣ ਅਤੇ ਸਦਭਾਵਨਾ ਯਾਤਰਾ ਪ੍ਰਤੀ ਆਪਣਾ ਸਮਰਥਨ ਦਰਸਾਉਣ।
ਇਸ ਮੌਕੇ ‘ਤੇ ਮੌਜੂਦ ਡੀਐੱਸਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਵਪਾਰੀਆਂ ਦੀਆਂ ਟ੍ਰੈਫਿਕ ਅਤੇ ਪਾਰਕਿੰਗ ਸਬੰਧੀ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਇਨ੍ਹਾਂ ਦੇ ਹੱਲ ਲਈ ਜਲਦੀ ਢੁੱਕਵੇਂ ਕਦਮ ਚੁੱਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਥਾਵਾਂ ‘ਤੇ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਕੀਤੇ ਜਾ ਰਹੇ ਗੈਰ-ਕਾਨੂੰਨੀ ਕਬਜ਼ਿਆਂ ਕਾਰਨ ਆਵਾਜਾਈ ਅਤੇ ਪਾਰਕਿੰਗ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਅਜਿਹੀਆਂ ਉਲੰਘਣਾਵਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।



