ਪੰਜਾਬ ‘ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿੱਚ ਇੱਕ ਵਾਰ ਫਿਰ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ ਆਉਂਦੀਆਂ ਚਾਰ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਲਈ 5 ਜੁਲਾਈ 2026 ਨੂੰ ਵੋਟਿੰਗ ਕਰਵਾਈ ਜਾਵੇਗੀ।

ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਦੇ ਅਨੁਸਾਰ ਉਮੀਦਵਾਰ 22 ਜੂਨ ਤੋਂ 25 ਜੂਨ ਤੱਕ ਹਰ ਰੋਜ਼ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਕੋਲ ਜਮ੍ਹਾਂ ਕਰਵਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 26 ਜੂਨ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 27 ਜੂਨ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।

ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਇਸੇ ਦਿਨ ਸ਼ਾਮ ਨੂੰ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਚੋਣ ਕਮਿਸ਼ਨ ਨੇ ਦੱਸਿਆ ਹੈ ਕਿ ਇਹ ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ।

ਇਸ ਦੇ ਨਾਲ ਹੀ ਚੋਣਾਂ ਦੇ ਐਲਾਨ ਤੋਂ ਬਾਅਦ ਸਬੰਧਤ ਮਿਊਂਸਪਲ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਜਾਰੀ ਰਹੇਗਾ। ਕਮਿਸ਼ਨ ਨੇ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕੀਤਾ ਹੈ।