ਪੰਜਾਬ ਵਿੱਚ ਭਲਕੇ ਤੋਂ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਦੀ ਰਫ਼ਤਾਰ ਵਧਣ ਅਤੇ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ, ਜਦਕਿ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਵਿਭਾਗ ਨੇ 26 ਜੂਨ ਤੱਕ ਲਈ ਮੌਸਮੀ ਚੇਤਾਵਨੀ ਜਾਰੀ ਕਰਦਿਆਂ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਲਗਾਇਆ ਹੈ। 22 ਜੂਨ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਭਾਰੀ ਮੀਂਹ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
23 ਅਤੇ 24 ਜੂਨ ਨੂੰ ਮੌਸਮ ਦੀ ਇਹ ਸਰਗਰਮੀ ਸੂਬੇ ਦੇ ਉੱਤਰੀ ਅਤੇ ਕੇਂਦਰੀ ਹਿੱਸਿਆਂ ਤੱਕ ਫੈਲ ਸਕਦੀ ਹੈ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼, ਬਿਜਲੀ ਚਮਕਣ ਅਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ 25 ਅਤੇ 26 ਜੂਨ ਨੂੰ ਮੌਸਮ ਦੀ ਇਹ ਤਬਦੀਲੀ ਹੋਰ ਵਿਆਪਕ ਹੋ ਸਕਦੀ ਹੈ ਅਤੇ ਲਗਭਗ ਪੂਰਾ ਪੰਜਾਬ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਪ੍ਰਭਾਵ ਹੇਠ ਰਹਿ ਸਕਦਾ ਹੈ। ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ, ਬੇਲੋੜੀ ਯਾਤਰਾ ਤੋਂ ਬਚਣ ਅਤੇ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।





