ਪੰਜਾਬ ‘ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਨੇ ਆਪਣੀ ਆਮਦ ਦਰਜ ਕਰਵਾ ਦਿੱਤੀ ਹੈ। ਮੌਸਮ ਵਿਭਾਗ ਨੇ 1 ਜੁਲਾਈ ਤੋਂ 5 ਜੁਲਾਈ ਤੱਕ ਲਈ ਮੌਸਮ ਨੂੰ ਲੈ ਕੇ ਅਹਿਮ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਭਾਰੀ ਮੀਂਹ, ਗਰਜ-ਚਮਕ, ਆਸਮਾਨੀ ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਕਰਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਵਿੱਚ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਪੰਜਾਬ ਦੇ 14 ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਪਟਿਆਲਾ—ਵਿੱਚ ਭਾਰੀ ਮੀਂਹ ਅਤੇ ਤੇਜ਼ ਹਨੇਰੀ-ਤੂਫ਼ਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਲਾਗੂ ਕੀਤਾ ਗਿਆ ਹੈ।

ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ। ਪੰਜਾਬ ਦੇ ਪਠਾਨਕੋਟ, ਭਾਖੜਾ ਡੈਮ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦਾਸਪੁਰ ਵਿੱਚ ਮੀਂਹ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਚਰਖੀ ਦਾਦਰੀ, ਭਿਵਾਨੀ, ਯਮੁਨਾਨਗਰ ਅਤੇ ਗੁਰੂਗ੍ਰਾਮ ਵਿੱਚ ਵੀ ਵਰਖਾ ਹੋਈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਔਸਤ ਤਾਪਮਾਨ ਸੋਮਵਾਰ ਦੇ ਮੁਕਾਬਲੇ 1.6 ਡਿਗਰੀ ਸੈਲਸੀਅਸ ਘੱਟ ਰਿਹਾ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਵੱਧ ਸੀ। ਫਰੀਦਕੋਟ ਵਿੱਚ ਸਭ ਤੋਂ ਵੱਧ 43.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 43.2 ਡਿਗਰੀ, ਅਬੋਹਰ ਵਿੱਚ 40.5 ਡਿਗਰੀ, ਲੁਧਿਆਣਾ ਵਿੱਚ 38.8 ਡਿਗਰੀ, ਅੰਮ੍ਰਿਤਸਰ ਵਿੱਚ 37.2 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 36.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਸੇ ਦੌਰਾਨ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਵੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਅਤੇ ਰਾਜ ਐਮਰਜੈਂਸੀ ਆਪ੍ਰੇਸ਼ਨ ਕੇਂਦਰ ਮੁਤਾਬਕ 1 ਅਤੇ 2 ਜੁਲਾਈ ਨੂੰ ਦੇਹਰਾਦੂਨ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।