ਸੋਸ਼ਲ ਮੀਡੀਆ ਇਨਫਲੂਐਂਸਰ ਰਣਜੀਤ ਕੌਰ, ਜੋ ‘ਭਾਬੀ’ ਦੇ ਨਾਂ ਨਾਲ ਜਾਣੀ ਜਾਂਦੀ ਹੈ, ਅਤੇ ਉਸ ਦੇ ਪਤੀ ਜਿੰਦਾ ਹੰਸ ਖ਼ਿਲਾਫ਼ ਲੁਧਿਆਣਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ‘ਤੇ ਸੋਸ਼ਲ ਮੀਡੀਆ ਰਾਹੀਂ ਕਥਿਤ ਤੌਰ ‘ਤੇ ਅਸ਼ਲੀਲ ਸਮੱਗਰੀ ਅਤੇ ਸਮਾਜ ਵਿੱਚ ਬੁਰਾਈ ਨੂੰ ਉਤਸ਼ਾਹਿਤ ਕਰਨ ਵਾਲੀ ਸਮੱਗਰੀ ਸਾਂਝੀ ਕਰਨ ਦੇ ਦੋਸ਼ ਲੱਗੇ ਹਨ। ਇਹ ਕਾਰਵਾਈ ਪਾਖੰਡ ਭਜਾਓ ਪੰਜਾਬ ਬਚਾਓ ਜਥੇਬੰਦੀ ਦੇ ਮੁਖੀ ਮਨਪ੍ਰੀਤ ਸਿੰਘ ਖ਼ਾਲਸਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਿਹੰਗ ਜਥੇਬੰਦੀਆਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਰਣਜੀਤ ਕੌਰ ਅਤੇ ਉਸ ਦੇ ਪਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਦੋਵੇਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਥਿਤ ਤੌਰ ‘ਤੇ ਇਤਰਾਜ਼ਯੋਗ ਵੀਡੀਓਜ਼ ਅਪਲੋਡ ਕਰਦੇ ਹਨ ਅਤੇ ਅਣਉਚਿਤ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਲੁਧਿਆਣਾ ਦੇ ਥਾਣਾ ਮੋਤੀ ਨਗਰ ਵਿੱਚ ਦੋਵਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।







