ਭਾਰਤ ਮੌਸਮ ਵਿਭਾਗ (IMD) ਨੇ ਪੰਜਾਬ ਲਈ ਅਗਲੇ ਪੰਜ ਦਿਨਾਂ ਦਾ ਤਾਜ਼ਾ ਮੌਸਮੀ ਬੁਲੇਟਿਨ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 16 ਤੋਂ 18 ਜੁਲਾਈ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹੁੰਮਸ ਭਰੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ, ਜਦਕਿ 19 ਜੁਲਾਈ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 16 ਤੋਂ 18 ਜੁਲਾਈ ਦੌਰਾਨ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਗਰਮ ਤੇ ਨਮੀ ਵਾਲੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ, ਦੁਪਹਿਰ ਵੇਲੇ ਧੁੱਪ ਤੋਂ ਬਚਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਦੂਜੇ ਪਾਸੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਇਸ ਸਮੇਂ ਕਿਸੇ ਵੀ ਤਰ੍ਹਾਂ ਦੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਅਤੇ ਉੱਥੇ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।
ਵਿਭਾਗ ਦੇ ਅਨੁਮਾਨ ਮੁਤਾਬਕ 19 ਜੁਲਾਈ ਨੂੰ ਮੌਸਮ ਸਾਫ਼ ਰਹਿ ਸਕਦਾ ਹੈ ਅਤੇ ਤਾਪਮਾਨ ਵਿੱਚ ਹਲਕੀ ਗਿਰਾਵਟ ਨਾਲ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਬਾਅਦ 20 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਲਈ ਭਾਰੀ ਵਰਖਾ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।







