ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਵਿੱਚ ਪ੍ਰਾਚੀਨ ਗਊਸ਼ਾਲਾ ਨੇੜੇ 25 ਸਾਲਾ ਹਰਜਿੰਦਰ ਸਿੰਘ ਦੇ ਗੋਲ਼ੀਆਂ ਮਾਰ ਕੇ ਕੀਤੇ ਕਤਲ ਤੋਂ ਬਾਅਦ ਐਤਵਾਰ ਨੂੰ ਮਾਹੌਲ ਤਣਾਅਪੂਰਨ ਹੋ ਗਿਆ। ਪੁਲਸ ਵੱਲੋਂ ਕਤਲ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤੇ ਜਾਣ ਤੋਂ ਨਾਰਾਜ਼ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਇਲਾਕਾ ਵਾਸੀਆਂ ਨੇ ਜੋਧੇਵਾਲ ਬਸਤੀ ਚੌਕ ਵਿਖੇ ਧਰਨਾ ਲਗਾ ਕੇ ਮੁੱਖ ਹਾਈਵੇਅ ਨੂੰ ਜਾਮ ਕਰ ਦਿੱਤਾ।
ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਵਾਰਦਾਤ ਨੂੰ 24 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਘਟਨਾ ਨਾਲ ਸਬੰਧਤ ਸੀ.ਸੀ.ਟੀ.ਵੀ. ਫੁਟੇਜ ਵੀ ਪੁਲਸ ਦੇ ਸਾਹਮਣੇ ਆ ਚੁੱਕੀ ਹੈ। ਇਸ ਦੇ ਬਾਵਜੂਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰ ਵਿੱਚ ਭਾਰੀ ਰੋਸ ਹੈ। ਪਰਿਵਾਰ ਅਤੇ ਇਲਾਕਾ ਵਾਸੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਤਲ ਵਿੱਚ ਸ਼ਾਮਲ ਸਾਰੇ ਮੁੱਖ ਮੁਲਜ਼ਮ ਕਾਬੂ ਨਹੀਂ ਕੀਤੇ ਜਾਂਦੇ, ਧਰਨਾ ਖ਼ਤਮ ਨਹੀਂ ਕੀਤਾ ਜਾਵੇਗਾ।
ਪਰਿਵਾਰ ਨੇ ਇਹ ਵੀ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਹ ਹਰਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ ਅਤੇ ਨਾ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਮੁੱਖ ਹਾਈਵੇਅ ‘ਤੇ ਧਰਨਾ ਲੱਗਣ ਕਾਰਨ ਸੜਕ ਦੇ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ। ਇਸ ਕਾਰਨ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਸੂਚਨਾ ਮਿਲਦੇ ਹੀ ਸੀਨੀਅਰ ਪੁਲਸ ਅਧਿਕਾਰੀ ਅਤੇ ਨੇੜਲੇ ਕਈ ਥਾਣਿਆਂ ਤੋਂ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ। ਪੁਲਸ ਅਧਿਕਾਰੀਆਂ ਵੱਲੋਂ ਪਰਿਵਾਰ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਲ ਹੀ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੰਦਿਆਂ ਹਾਈਵੇਅ ਤੋਂ ਧਰਨਾ ਹਟਾਉਣ ਲਈ ਵੀ ਮਨਾਉਣ ਦੀ ਕੋਸ਼ਿਸ਼ ਜਾਰੀ ਹੈ।







