ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿੱਚ ਬੀਤੀ ਰਾਤ ਸ਼ਾਂਤਮਈ ਧਰਨੇ ’ਤੇ ਬੈਠੀ ਸਿੱਖ ਸੰਗਤ ਉੱਤੇ ਹਰਿਆਣਾ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਅਤੇ ਸਿੱਖ ਆਗੂਆਂ ਵਿਚਾਲੇ ਗੱਲਬਾਤ ਜਾਰੀ ਸੀ ਤਾਂ ਅਜਿਹੀ ਕਾਰਵਾਈ ਹਾਲਾਤਾਂ ਨੂੰ ਵਿਗਾੜਣ ਵਾਲੀ ਸਾਬਤ ਹੋਈ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਘਟਨਾ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਮੈਂਬਰਾਂ, ਸੰਗਤਾਂ ਅਤੇ ਪੁਲੀਸ ਕਰਮਚਾਰੀਆਂ ਨੂੰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੇ ਸ੍ਰੀ ਝੀਂਡਾ ਨਾਲ ਟੈਲੀਫੋਨ ਰਾਹੀਂ ਸੰਪਰਕ ਕਰਕੇ ਜ਼ਖਮੀਆਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਗੱਲਬਾਤ ਦੇ ਰਾਹ ’ਤੇ ਡਟੀ ਰਹਿੰਦੀ ਤਾਂ ਇਹ ਮਾਮਲਾ ਸ਼ਾਂਤੀਪੂਰਨ ਢੰਗ ਨਾਲ ਸੁਲਝ ਸਕਦਾ ਸੀ। ਉਨ੍ਹਾਂ ਮੰਗ ਕੀਤੀ ਕਿ ਪੁਲੀਸ ਕਾਰਵਾਈ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਅਚਾਨਕ ਬਲ ਦੀ ਵਰਤੋਂ ਕਰਨ ਦੀ ਨੌਬਤ ਕਿਉਂ ਆਈ।
ਜਥੇਦਾਰ ਗੜਗੱਜ ਨੇ ਇਹ ਵੀ ਸ਼ੰਕਾ ਜਤਾਈ ਕਿ ਕਿਤੇ ਸ਼ਾਂਤਮਈ ਧਰਨੇ ਨੂੰ ਬਦਨਾਮ ਕਰਨ ਲਈ ਕਿਸੇ ਸ਼ਰਾਰਤੀ ਤੱਤ ਦੀ ਘੁਸਪੈਠ ਤਾਂ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਪੱਖ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਦੌਰਾਨ ਸੰਗਤ ਉੱਤੇ ਗੱਡੀ ਚੜ੍ਹਾਉਣ ਦੇ ਮਾਮਲੇ ਵਿੱਚ ਜੇਕਰ ਸਮੇਂ ਸਿਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਤਾਂ ਮੌਜੂਦਾ ਤਣਾਅ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਸਰਕਾਰਾਂ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਨਸਰਾਂ ਪ੍ਰਤੀ ਨਰਮੀ ਵਰਤਣ ਬਾਰੇ ਵੀ ਚਿੰਤਾ ਪ੍ਰਗਟਾਈ।
ਜਥੇਦਾਰ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੰਜੋਖਰਾ ਸਾਹਿਬ ਘਟਨਾ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਹਰਿਆਣਾ ਸਰਕਾਰ ਨੂੰ ਸਿੱਖ ਆਗੂਆਂ ਨਾਲ ਸੰਵਾਦ ਰਾਹੀਂ ਮਸਲੇ ਦਾ ਹੱਲ ਲੱਭਣ ਦੀ ਅਪੀਲ ਕੀਤੀ।
ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਇਕਜੁੱਟ ਰਹਿਣ, ਅਨੁਸ਼ਾਸਨ ਬਣਾਈ ਰੱਖਣ ਅਤੇ ਹਰ ਤਰ੍ਹਾਂ ਦੇ ਸੰਘਰਸ਼ ਨੂੰ ਸ਼ਾਂਤਮਈ ਅਤੇ ਕਾਨੂੰਨੀ ਦਾਇਰੇ ਵਿੱਚ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਧਰਨੇ ਜਾਂ ਪ੍ਰਦਰਸ਼ਨ ਦੌਰਾਨ ਸ਼ਰਾਰਤੀ ਤੱਤਾਂ ਤੋਂ ਸਾਵਧਾਨ ਰਹਿਣਾ ਬਹੁਤ ਜ਼ਰੂਰੀ ਹੈ।







