ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਮੁੱਢਲੀ ਪ੍ਰਕਾਸ਼ਨਾ ਮਗਰੋਂ ਫੋਟੋ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਕੀਤੀ ਸਾਂਝੀ
ਬਠਿੰਡਾ, 14 ਅਗਸਤ 2026: ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਬੈਠਕ ਕੀਤੀ ਗਈ। ਇਹ ਮੀਟਿੰਗ ਯੋਗਤਾ ਮਿਤੀ 01.10.2026 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ ਕਰਵਾਈ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜਿਨ੍ਹਾਂ ਵੋਟਰਾਂ ਵੱਲੋਂ ਗਣਨਾ ਫਾਰਮ ਭਰ ਕੇ ਜਮ੍ਹਾਂ ਕਰਵਾਏ ਗਏ ਹਨ, ਉਨ੍ਹਾਂ ਨਾਲ ਸਬੰਧਤ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹੇ ਦੇ ਛੇ ਵਿਧਾਨ ਸਭਾ ਹਲਕਿਆਂ ਦੀ ਹਲਕਾਵਾਰ ਫੋਟੋ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਮੁਹੱਈਆ ਕਰਵਾਇਆ ਗਿਆ। ਇਸ ਦੇ ਨਾਲ ਹੀ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਵੀ ਸਾਂਝੀ ਕੀਤੀ ਗਈ।
ਰਾਜੇਸ਼ ਧੀਮਾਨ ਨੇ ਦੱਸਿਆ ਕਿ ਐੱਸਆਈਆਰ ਦੇ ਦੂਜੇ ਪੜਾਅ ਤਹਿਤ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ 2026 ਤੱਕ ਦਰਜ ਕਰਵਾਏ ਜਾ ਸਕਦੇ ਹਨ। ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 12 ਅਕਤੂਬਰ 2026 ਨੂੰ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਇਹ ਪ੍ਰਕਿਰਿਆ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਵੋਟਰਾਂ ਨੂੰ ਸੂਚੀਆਂ ਦੀ ਧਿਆਨ ਨਾਲ ਜਾਂਚ ਕਰਨ ਦੀ ਅਪੀਲ ਕੀਤੀ। ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਿਆ ਹੈ ਜਾਂ ਕਿਸੇ ਜਾਣਕਾਰੀ ਵਿੱਚ ਸੋਧ ਦੀ ਲੋੜ ਹੈ ਤਾਂ ਸਬੰਧਤ ਫਾਰਮ ਭਰ ਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਆਨਲਾਈਨ ਪੋਰਟਲ voters.eci.gov.in ਰਾਹੀਂ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਨੇ ਗਣਨਾ ਫਾਰਮ ਭਰਨ ਸਮੇਂ ਪਿਛਲੀ ਗਹਿਰੀ ਸੁਧਾਈ ਨਾਲ ਸਬੰਧਤ ਵੇਰਵੇ ਮੁਹੱਈਆ ਨਹੀਂ ਕਰਵਾਏ, ਉਨ੍ਹਾਂ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਨੋਟਿਸ ਜਾਰੀ ਕੀਤੇ ਜਾਣਗੇ। ਸਬੰਧਤ ਵੋਟਰ ਨੋਟਿਸ ਵਿੱਚ ਦਰਜ ਸੁਣਵਾਈ ਦੀ ਮਿਤੀ ਅਤੇ ਸਥਾਨ ’ਤੇ ਪਹੁੰਚ ਕੇ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਦਸਤਾਵੇਜ਼ ਪੇਸ਼ ਕਰ ਸਕਦੇ ਹਨ।
ਮੀਟਿੰਗ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ। ਆਮ ਆਦਮੀ ਪਾਰਟੀ ਵੱਲੋਂ ਬਲਜੀਤ ਬੱਲੀ ਅਤੇ ਅੰਮ੍ਰਿਤ ਲਾਲ ਅਗਰਵਾਲ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਾਜਨ ਗਰਗ, ਸ਼੍ਰੋਮਣੀ ਅਕਾਲੀ ਦਲ ਤੋਂ ਇਕਬਾਲ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਹਰਪ੍ਰੀਤ ਸਿੰਘ ਮਾਨ, ਬਹੁਜਨ ਸਮਾਜ ਪਾਰਟੀ ਤੋਂ ਨਰੇਸ਼ ਚੋਪੜਾ ਅਤੇ ਸੀਪੀਆਈ (ਐਮ) ਤੋਂ ਬਨਵਾਰੀ ਲਾਲ ਸਮੇਤ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਆਦਿ ਹਾਜ਼ਰ ਸਨ।







