ਦਹਿਲਾ ਦੇਣ ਵਾਲੀ ਘਟਨਾ: ਪਰਿਵਾਰ ਦੇ 4 ਮੈਂਬਰ ਮ੍ਰਿਤਕ ਮਿਲੇ, 2 ਮਹੀਨੇ ਦਾ ਬੱਚਾ ਵੀ ਨਹੀਂ ਬਚਿਆ

ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਬਰਾਮਦ, 2 ਮਹੀਨੇ ਦੇ ਮਾਸੂਮ ਨੂੰ ਵੀ ਜ਼ਹਿਰ ਦੇਣ ਦਾ ਸ਼ੱਕ

ਮੁੰਬਈ, 16 ਅਗਸਤ 2026: ਮੁੰਬਈ ਦੇ ਸੁਰੱਖਿਆ ਪੱਖੋਂ ਅਹਿਮ ਨੇਵੀ ਨਗਰ ਇਲਾਕੇ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਘਰ ਵਿੱਚੋਂ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ। ਮ੍ਰਿਤਕਾਂ ਵਿੱਚ ਭਾਰਤੀ ਜਲ ਸੈਨਾ ਦਾ ਇੱਕ ਮਲਾਹ, ਉਸ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਨੰਨ੍ਹੇ ਬੱਚੇ ਸ਼ਾਮਲ ਹਨ। ਬੱਚਿਆਂ ਵਿੱਚੋਂ ਇੱਕ ਦੀ ਉਮਰ ਸਿਰਫ਼ ਦੋ ਮਹੀਨੇ ਅਤੇ ਦੂਜੇ ਦੀ ਤਿੰਨ ਸਾਲ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਖ਼ਦਸ਼ਾ ਪ੍ਰਗਟਾਇਆ ਗਿਆ ਹੈ ਕਿ ਜਲ ਸੈਨਾ ਦੇ ਕਰਮਚਾਰੀ ਨੇ ਪਹਿਲਾਂ ਆਪਣੀ ਪਤਨੀ ਅਤੇ ਦੋਵੇਂ ਬੱਚਿਆਂ ਨੂੰ ਕਥਿਤ ਤੌਰ ’ਤੇ ਜ਼ਹਿਰ ਦਿੱਤਾ ਅਤੇ ਇਸ ਤੋਂ ਬਾਅਦ ਖੁਦ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਹਾਲਾਂਕਿ, ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਅਧਿਕਾਰੀਆਂ ਮੁਤਾਬਕ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਹੀ ਹੋਵੇਗੀ।

ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਘਟਨਾ ਪਿੱਛੇ ਕਿਸੇ ਤਰ੍ਹਾਂ ਦਾ ਪਰਿਵਾਰਕ ਵਿਵਾਦ, ਨਿੱਜੀ ਪਰੇਸ਼ਾਨੀ ਜਾਂ ਹੋਰ ਮਾਨਸਿਕ ਤਣਾਅ ਤਾਂ ਕਾਰਨ ਨਹੀਂ ਸੀ। ਮਾਮਲੇ ਨਾਲ ਜੁੜੇ ਸਾਰੇ ਤੱਥਾਂ ਨੂੰ ਇਕੱਠਾ ਕਰਨ ਲਈ ਜਾਂਚ ਅੱਗੇ ਵਧਾਈ ਜਾ ਰਹੀ ਹੈ।