ਚੰਡੀਗੜ੍ਹ, 24 ਅਗਸਤ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਲਗਾਏ ਗਏ ਕਥਿਤ ਦੋਸ਼ਾਂ ਨੂੰ ਲੈ ਕੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਅਤੇ ਇੱਕ ਪੱਤਰਕਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵਕੀਲ ਅਨੀਸ਼ਾ ਰਾਹੀਂ ਜਾਰੀ ਕੀਤੇ ਗਏ ਹਨ।
ਦੋਸ਼ਾਂ ਨੂੰ ਦੱਸਿਆ ਝੂਠਾ ਅਤੇ ਬਦਨਾਮੀ ਕਰਨ ਦੀ ਕੋਸ਼ਿਸ਼
ਨੋਟਿਸ ਵਿੱਚ ਕਿਹਾ ਗਿਆ ਹੈ ਕਿ 20 ਅਗਸਤ 2026 ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੇ ਇਹ ਦੋਸ਼ ਲਗਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਇੱਕ ਜਬਰ-ਜਨਾਹ ਮਾਮਲੇ ਦੇ ਮੁਲਜ਼ਮ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਡਾ. ਗੁਰਪ੍ਰੀਤ ਕੌਰ ਦੇ ਪੱਖ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਿਰਾਧਾਰ, ਮਨਘੜਤ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਗਿਆ ਹੈ।
ਮੀਡੀਆ ਰਿਪੋਰਟਿੰਗ ‘ਤੇ ਵੀ ਇਤਰਾਜ਼
ਨੋਟਿਸ ਵਿੱਚ ਇਹ ਵੀ ਉਲੇਖ ਕੀਤਾ ਗਿਆ ਹੈ ਕਿ ਪੱਤਰਕਾਰ ਭਾਵਨਾ ਨਾਇਰ ਵੱਲੋਂ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਉਕਤ ਦੋਸ਼ਾਂ ਨੂੰ ਟੀਵੀ ਅਤੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ਉੱਤੇ ਪ੍ਰਮੁੱਖ ਖ਼ਬਰ ਵਜੋਂ ਪ੍ਰਸਾਰਿਤ ਕੀਤਾ ਗਿਆ। ਡਾ. ਗੁਰਪ੍ਰੀਤ ਕੌਰ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੋਈ ਹੈ।
ਖ਼ਬਰ ਹਟਾਉਣ ਅਤੇ ਮਾਫ਼ੀ ਦੀ ਮੰਗ
ਕਾਨੂੰਨੀ ਨੋਟਿਸ ਰਾਹੀਂ ਸੰਬੰਧਤ ਧਿਰਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਸੋਸ਼ਲ ਮੀਡੀਆ ਅਤੇ ਹੋਰ ਡਿਜੀਟਲ ਮਾਧਿਅਮਾਂ ਤੋਂ ਇਸ ਕਥਿਤ ਝੂਠੀ ਜਾਣਕਾਰੀ ਨੂੰ ਤੁਰੰਤ ਹਟਾਉਣ। ਇਸ ਦੇ ਨਾਲ ਹੀ ਲਿਖਤੀ ਰੂਪ ਵਿੱਚ ਅਤੇ ਜਨਤਕ ਤੌਰ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਵੀ ਮੰਗ ਕੀਤੀ ਗਈ ਹੈ।
24 ਘੰਟਿਆਂ ਦਾ ਅਲਟੀਮੇਟਮ
ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 24 ਘੰਟਿਆਂ ਦੇ ਅੰਦਰ ਉਕਤ ਸਮੱਗਰੀ ਨਾ ਹਟਾਈ ਗਈ ਅਤੇ ਜਨਤਕ ਮਾਫ਼ੀ ਨਾ ਮੰਗੀ ਗਈ ਤਾਂ ਡਾ. ਗੁਰਪ੍ਰੀਤ ਕੌਰ ਵੱਲੋਂ ਰਿਟਾਇਰਡ ਜਸਟਿਸ ਰਣਜੀਤ ਸਿੰਘ ਅਤੇ ਪੱਤਰਕਾਰ ਭਾਵਨਾ ਨਾਇਰ ਖ਼ਿਲਾਫ਼ ਦੀਵਾਨੀ ਅਤੇ ਫ਼ੌਜਦਾਰੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਡਾ. ਗੁਰਪ੍ਰੀਤ ਕੌਰ ਦੇ ਪੱਖ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਬਿਨਾਂ ਕਿਸੇ ਠੋਸ ਸਬੂਤ ਦੇ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਦਾ ਕਾਨੂੰਨੀ ਤੌਰ ’ਤੇ ਜਵਾਬ ਦਿੱਤਾ ਜਾਵੇਗਾ।







