RSS ਮੁਖੀ ਦੇ ਪ੍ਰੋਗਰਾਮ ਨੂੰ ਲੈ ਕੇ ਕਮਿਊਨਿਟੀ ਅਲਰਟ, ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ

RSS New York Event: ਨਿਊਯਾਰਕ ਵਿੱਚ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦੇ ਪ੍ਰੋਗਰਾਮ ਤੋਂ ਪਹਿਲਾਂ ਇੱਕ ਅਮਰੀਕੀ ਹਿੰਦੂ ਸੰਗਠਨ ਨੇ ਹਾਜ਼ਰੀਨ ਲਈ ਵਿਸ਼ੇਸ਼ ਕਮਿਊਨਿਟੀ ਅਲਰਟ ਜਾਰੀ ਕੀਤਾ ਹੈ। ਇਸ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਗਰੁੱਪਾਂ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਦੂਰ ਰਹਿਣ ਅਤੇ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

ਅਮਰੀਕਾ ਅਧਾਰਿਤ ਗੈਰ-ਮੁਨਾਫ਼ਾ ਸੰਸਥਾ ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਨੇ ਕਿਹਾ ਹੈ ਕਿ ਕੁਝ ਸੰਗਠਨਾਂ ਵੱਲੋਂ “ਯੂਨੀਵਰਸਲ ਓਨਨੈੱਸ ਸੈਲੀਬ੍ਰੇਸ਼ਨਜ਼” ਸਮਾਗਮ ਨੂੰ ਪ੍ਰਭਾਵਿਤ ਕਰਨ ਜਾਂ ਰੱਦ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਹਿੰਦੂਜ਼ ਫਾਰ ਹਿਊਮਨ ਰਾਈਟਸ ਅਤੇ ਹੋਰ ਸੰਗਠਨਾਂ ਨੇ ਮੈਡੀਸਨ ਸਕੁਐਰ ਗਾਰਡਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਹਿੰਦੂਜ਼ ਫਾਰ ਹਿਊਮਨ ਰਾਈਟਸ ਦੀ ਡਿਪਟੀ ਐਗਜ਼ੈਕਟਿਵ ਡਾਇਰੈਕਟਰ ਸ਼੍ਰਾਵਿਆ ਤੜੇਪੱਲੀ ਨੇ ਕਿਹਾ ਕਿ ਮੋਹਨ ਭਾਗਵਤ ਸਮੂਹ ਹਿੰਦੂ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ ਅਤੇ ਉਨ੍ਹਾਂ ਨੇ ਆਰ.ਐੱਸ.ਐੱਸ. ਦੀ ਵਿਚਾਰਧਾਰਾ ਬਾਰੇ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ।

ਦੂਜੇ ਪਾਸੇ, ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਸਮੇਤ ਸਾਰੇ ਨਾਗਰਿਕਾਂ ਦੀ ਸੁਰੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ।

ਸੰਗਠਨ ਨੇ ਹਾਜ਼ਰੀਨ ਨੂੰ ਸਲਾਹ ਦਿੱਤੀ ਹੈ ਕਿ ਉਹ ਸ਼ਾਂਤ ਅਤੇ ਸੰਜੀਦਾ ਰਹਿਣ, ਦੂਜਿਆਂ ਦੇ ਵਿਰੋਧ ਕਰਨ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦੇ ਅਧਿਕਾਰ ਦਾ ਸਤਿਕਾਰ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਬਹਿਸ ਜਾਂ ਝਗੜੇ ਤੋਂ ਬਚਣ। ਨਾਲ ਹੀ, ਆਲੇ-ਦੁਆਲੇ ਦੇ ਮਾਹੌਲ ’ਤੇ ਨਜ਼ਰ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੁਰੱਖਿਆ ਕਰਮਚਾਰੀਆਂ ਜਾਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

ਐੱਚ.ਏ.ਐੱਫ. ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਖ਼ਤਰਾ ਮਹਿਸੂਸ ਹੋਵੇ ਤਾਂ ਉਹ ਤੁਰੰਤ ਉਸ ਥਾਂ ਤੋਂ ਦੂਰ ਹੋ ਜਾਵੇ ਅਤੇ ਸੁਰੱਖਿਆ ਅਧਿਕਾਰੀਆਂ ਨਾਲ ਸੰਪਰਕ ਕਰੇ। ਐਮਰਜੈਂਸੀ ਸਥਿਤੀ ਵਿੱਚ 911 ’ਤੇ ਕਾਲ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।

ਸੰਗਠਨ ਨੇ ਨਫ਼ਰਤ ਭਰੀਆਂ ਘਟਨਾਵਾਂ, ਧਮਕੀਆਂ, ਤੋੜਫੋੜ ਜਾਂ ਹੋਰ ਸ਼ੱਕੀ ਹਰਕਤਾਂ ਬਾਰੇ ਵੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।