YPS ਸਕੂਲ ਫੂਡ ਪੋਇਜ਼ਨਿੰਗ ਮਾਮਲਾ: ਸਿਹਤ ਮੰਤਰੀ ਨੇ ਮੰਗੀ ਵਿਸਥਾਰਤ ਰਿਪੋਰਟ

Patiala YPS ਸਕੂਲ ਮਾਮਲਾ: ਵਿਦਿਆਰਥੀਆਂ ਦੀ ਤਬੀਅਤ ਵਿਗੜਣ ਤੋਂ ਬਾਅਦ ਸਿਹਤ ਵਿਭਾਗ ਸਰਗਰਮ, ਜਾਂਚ ਦੇ ਹੁਕਮ

ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ (YPS) ਵਿੱਚ ਮੰਗਲਵਾਰ ਨੂੰ ਕੁਝ ਵਿਦਿਆਰਥੀਆਂ ਦੀ ਖਾਣਾ ਖਾਣ ਤੋਂ ਬਾਅਦ ਤਬੀਅਤ ਖ਼ਰਾਬ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਦਕਿ ਹੋਰ ਕੁਝ ਬੱਚਿਆਂ ਨੂੰ ਮੁੱਢਲੀ ਮੈਡੀਕਲ ਸਹਾਇਤਾ ਅਤੇ ਦਵਾਈਆਂ ਦੇ ਕੇ ਛੁੱਟੀ ਦੇ ਦਿੱਤੀ ਗਈ।

ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਤੁਰੰਤ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਕੇ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੇ ਬਿਮਾਰ ਹੋਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗੇਗਾ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਕੁਝ ਵਿਦਿਆਰਥੀ ਸਕੂਲ ਕੈਂਪਸ ਤੋਂ ਬਾਹਰ ਗਏ ਹੋਏ ਸਨ ਅਤੇ ਸੰਭਵ ਹੈ ਕਿ ਉਨ੍ਹਾਂ ਨੇ ਬਾਹਰੋਂ ਖਾਣਾ ਖਾਧਾ ਹੋਵੇ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਮੌਕੇ ਕੋਈ ਅੰਤਿਮ ਨਤੀਜਾ ਕੱਢਣਾ ਠੀਕ ਨਹੀਂ ਹੋਵੇਗਾ ਅਤੇ ਸਿਹਤ ਵਿਭਾਗ ਹਰ ਪੱਖ ਤੋਂ ਜਾਂਚ ਕਰ ਰਿਹਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਹਸਪਤਾਲ ਵਿੱਚ ਦਾਖ਼ਲ ਪੰਜੇ ਵਿਦਿਆਰਥੀਆਂ ਦੀ ਹਾਲਤ ਸਥਿਰ ਹੈ ਅਤੇ ਉਹ ਇਲਾਜ ਹੇਠ ਹਨ। ਇਹ ਵਿਦਿਆਰਥੀ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹਨ।

ਸਿਹਤ ਮੰਤਰੀ ਨੇ ਬੱਚਿਆਂ ਲਈ ਖਾਣਾ ਤਿਆਰ ਕਰਨ ਵਾਲੀਆਂ ਸੰਸਥਾਵਾਂ ਅਤੇ ਅਦਾਰਿਆਂ ਨੂੰ ਸਖ਼ਤ ਸਫ਼ਾਈ ਮਾਪਦੰਡਾਂ ਦੀ ਪਾਲਣਾ ਕਰਨ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਖਾਣਾ ਬਣਾਉਣ ਵਾਲੇ ਸਟਾਫ਼ ਦੀ ਨਿੱਜੀ ਸਫ਼ਾਈ, ਰਸੋਈ ਅਤੇ ਭਾਂਡਿਆਂ ਦੀ ਸਫ਼ਾਈ ਅਤੇ ਸਮੁੱਚੇ ਵਾਤਾਵਰਣ ਦੀ ਸਫ਼ਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।