DA ਬਕਾਏ ਮਾਮਲੇ ’ਚ ਮੁਲਾਜ਼ਮਾਂ ਨਾਲ ਗੱਲਬਾਤ ਲਈ ਤਿਆਰ ਸਰਕਾਰ, CM ਮਾਨ ਕਿਸੇ ਵੀ ਵੇਲੇ ਮਿਲ ਸਕਦੇ ਹਨ: ਪੰਨੂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿੰਗਾਈ ਭੱਤਾ (ਡੀ.ਏ.) ਬਕਾਏ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਲਈ ਤਿਆਰ ਹਨ। ਜਦੋਂ ਵੀ ਮੁਲਾਜ਼ਮ ਧਿਰ ਚਾਹੇਗੀ, ਦੋਵਾਂ ਪੱਖਾਂ ਵਿਚਾਲੇ ਮੀਟਿੰਗ ਕਰਵਾਈ ਜਾ ਸਕਦੀ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਿੱਤੀ।
ਮੰਦਰ ਸ੍ਰੀ ਕਾਲੀ ਦੇਵੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਿਰੀਖਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਨੂ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਆਪਣੇ ਲੋਕ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਿਸੇ ਵੀ ਸਮੇਂ ਮੁਲਾਜ਼ਮ ਨੁਮਾਇੰਦਿਆਂ ਨਾਲ ਮੁਲਾਕਾਤ ਕਰਨ ਲਈ ਤਿਆਰ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੇ ਬਕਾਏ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ 27 ਅਗਸਤ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸੇ ਦਿਨ ਮੁੱਖ ਮੰਤਰੀ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਤੈਅ ਮੀਟਿੰਗ ਵੀ ਆਖ਼ਰੀ ਸਮੇਂ ਮੁਲਤਵੀ ਹੋ ਗਈ ਸੀ।
ਸਰਕਾਰ ਵੱਲੋਂ ਸੁਪਰੀਮ ਕੋਰਟ ਜਾਣ ਤੋਂ ਬਾਅਦ ਇਹ ਧਾਰਨਾ ਬਣ ਰਹੀ ਸੀ ਕਿ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਟਕਰਾਅ ਵਾਲੇ ਹਾਲਾਤ ਪੈਦਾ ਹੋ ਗਏ ਹਨ, ਪਰ ਬਲਤੇਜ ਪੰਨੂ ਦੇ ਤਾਜ਼ਾ ਬਿਆਨ ਨੇ ਗੱਲਬਾਤ ਦੇ ਰਾਹ ਖੁੱਲ੍ਹਣ ਦੇ ਸੰਕੇਤ ਦਿੱਤੇ ਹਨ।
ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦੇ ਫ਼ੈਸਲੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪੰਨੂ ਨੇ ਕਿਹਾ ਕਿ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਸਰਕਾਰ ਦਾ ਕਾਨੂੰਨੀ ਅਧਿਕਾਰ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਇਸ ਮਾਮਲੇ ਸਬੰਧੀ ਕਾਨੂੰਨੀ ਮਾਹਿਰਾਂ ਦੀ ਸਲਾਹ ਵੀ ਲੈ ਰਹੀ ਹੈ ਅਤੇ ਮੁੱਖ ਮੰਤਰੀ ਮੁਲਾਜ਼ਮਾਂ ਨਾਲ ਗੱਲਬਾਤ ਲਈ ਪੂਰੀ ਤਰ੍ਹਾਂ ਤਿਆਰ ਹਨ।
ਉਨ੍ਹਾਂ ਭਰੋਸਾ ਜਤਾਇਆ ਕਿ ਡੀ.ਏ. ਬਕਾਏ ਨਾਲ ਜੁੜਿਆ ਇਹ ਵਿਵਾਦ ਜਲਦ ਹੀ ਆਪਸੀ ਸਹਿਮਤੀ ਅਤੇ ਗੱਲਬਾਤ ਰਾਹੀਂ ਹੱਲ ਹੋ ਸਕਦਾ ਹੈ।







