Punjab Special Session: ਕਿਸਾਨਾਂ ਨਾਲ ਸਹਿਮਤੀ ਮਗਰੋਂ ਸਰਕਾਰ ਦਾ ਵੱਡਾ ਐਲਾਨ, ਇਸ ਮਹੀਨੇ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਦਰਮਿਆਨ ਬਣੀ ਸਹਿਮਤੀ ਤੋਂ ਬਾਅਦ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਪਿਛਲੇ ਸੱਤ ਦਿਨਾਂ ਤੋਂ ਜਾਰੀ ਕਿਸਾਨ ਧਰਨਾ ਅੱਜ ਖਤਮ ਹੋ ਗਿਆ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਕਿਸਾਨ ਆਗੂਆਂ ਨੂੰ ਸਰਕਾਰ ਵੱਲੋਂ ਜਾਰੀ ਸਹਿਮਤੀ ਪੱਤਰ ਸੌਂਪਦਿਆਂ ਮੰਗਾਂ ਸਵੀਕਾਰ ਕਰਨ ਦੀ ਜਾਣਕਾਰੀ ਦਿੱਤੀ।
ਇਸ ਮੌਕੇ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਸਮਝੌਤਿਆਂ ਨੂੰ ਰੱਦ ਕਰਨ ਲਈ ਸੂਬਾ ਸਰਕਾਰ ਇਸੇ ਮਹੀਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇਗੀ। ਸਰਕਾਰ ਵੱਲੋਂ ਮੰਗਾਂ ਮੰਨਣ ਅਤੇ ਲਿਖਤੀ ਭਰੋਸਾ ਮਿਲਣ ਉਪਰੰਤ ਕਿਸਾਨ ਜਥੇਬੰਦੀਆਂ ਨੇ ਧਰਨਾ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਅਤੇ ਹਜ਼ਾਰਾਂ ਕਿਸਾਨ ਆਪਣੇ-ਆਪਣੇ ਘਰਾਂ ਨੂੰ ਵਾਪਸ ਰਵਾਨਾ ਹੋ ਗਏ।
ਧਰਨਾ ਖਤਮ ਕਰਨ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਫੇਜ਼-11 ਸਥਿਤ ਇੱਕ ਹੋਟਲ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ’ਤੇ ਵਿਚਾਰ ਕੀਤਾ। ਇਸ ਤੋਂ ਬਾਅਦ ਉਹ ਧਰਨੇ ਵਾਲੀ ਥਾਂ ’ਤੇ ਪਹੁੰਚੇ, ਜਿੱਥੇ ਖੇਤੀਬਾੜੀ ਮੰਤਰੀ ਨੇ ਸਰਕਾਰ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ।
ਯਾਦ ਰਹੇ ਕਿ ਐਤਵਾਰ ਰਾਤ ਪੰਜਾਬ ਭਵਨ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕਈ ਅਹਿਮ ਮੰਗਾਂ ’ਤੇ ਸਹਿਮਤੀ ਬਣੀ ਸੀ। ਸਰਕਾਰ ਨੇ ਦਰਿਆਈ ਪਾਣੀਆਂ ਦੇ ਸਮਝੌਤਿਆਂ ਨਾਲ ਜੁੜੀਆਂ ਕੁਝ ਧਾਰਾਵਾਂ ਨੂੰ ਵਿਸ਼ੇਸ਼ ਸੈਸ਼ਨ ਰਾਹੀਂ ਰੱਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ, ਬੀਜ ਬਿੱਲ, ਕਿਸਾਨ ਕਰਜ਼ਿਆਂ ਲਈ ਇਕਮੁਸ਼ਤ ਨਿਪਟਾਰਾ ਯੋਜਨਾ ਅਤੇ ਗੰਨੇ ਦੇ ਭਾਅ ਵਿੱਚ ਵਾਧੇ ਸਮੇਤ ਹੋਰ ਮੰਗਾਂ ਵੀ ਸਵੀਕਾਰ ਕੀਤੀਆਂ ਗਈਆਂ।
ਸਰਕਾਰ ਅਤੇ ਕਿਸਾਨਾਂ ਵਿਚਾਲੇ ਬਣੀ ਇਸ ਸਹਿਮਤੀ ਨੂੰ ਪੰਜਾਬ ਦੇ ਖੇਤੀਬਾੜੀ ਮਸਲਿਆਂ ਦੇ ਹੱਲ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।







