Punjab Govt Employees Protest: ਦੂਜੇ ਪੜਾਅ ਦੇ ਸੰਘਰਸ਼ ਤਹਿਤ ਅੱਜ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਪ੍ਰਭਾਵਿਤ
ਪੰਜਾਬ ਦੇ ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਦੂਜੇ ਪੜਾਅ ਦੇ ਸੰਘਰਸ਼ ਤਹਿਤ ਮੰਗਲਵਾਰ ਨੂੰ ਇੱਕ ਦਿਨ ਦੀ ਸਮੂਹਿਕ ਛੁੱਟੀ ਮਨਾਉਣ ਜਾ ਰਹੇ ਹਨ, ਜਿਸ ਕਾਰਨ ਸੂਬੇ ਭਰ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਮਨਿਸਟੀਰੀਅਲ ਸਟਾਫ਼ ਵੱਲੋਂ ਇਸ ਰੋਸ ਕਾਰਵਾਈ ਦੇ ਤਹਿਤ ਕੰਮ ਤੋਂ ਦੂਰ ਰਹਿਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ 27 ਅਗਸਤ ਨੂੰ ਵੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਸੀ।
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁਲਾਜ਼ਮਾਂ ਦਾ ਇਹ ਅੰਦੋਲਨ ਸਰਕਾਰ ਲਈ ਇੱਕ ਵੱਡੀ ਸਿਆਸੀ ਅਤੇ ਪ੍ਰਸ਼ਾਸਨਿਕ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਕੁਝ ਮੰਤਰੀਆਂ ਨੇ ਗੱਲਬਾਤ ਲਈ ਰਸਤੇ ਖੁੱਲ੍ਹੇ ਹੋਣ ਦੀ ਗੱਲ ਕਹੀ ਹੈ, ਪਰ ਸਰਕਾਰ ਵੱਲੋਂ ਅਜੇ ਤੱਕ ਮੁਲਾਜ਼ਮ ਧਿਰਾਂ ਨੂੰ ਕੋਈ ਅਧਿਕਾਰਕ ਸੱਦਾ ਨਹੀਂ ਭੇਜਿਆ ਗਿਆ।
ਸੰਘਰਸ਼ ਦੇ ਦਰਮਿਆਨ ਸਰਕਾਰ ਨੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ ਅਤੇ ਪ੍ਰਧਾਨ ਸੁਸ਼ੀਲ ਕੁਮਾਰ ਫ਼ੌਜੀ ਦੇ ਤਬਾਦਲੇ ਕੀਤੇ ਹਨ, ਜਿਸ ਨੂੰ ਮੁਲਾਜ਼ਮ ਆਗੂ ਦਬਾਅ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਲਗਭਗ 85 ਹਜ਼ਾਰ ਕਰਮਚਾਰੀਆਂ ਲਈ ਵਧੇ ਹੋਏ ਮਹਿੰਗਾਈ ਭੱਤੇ ਦਾ ਐਲਾਨ ਵੀ ਕੀਤਾ ਸੀ, ਪਰ ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਬਾਕੀ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ।
ਸਾਂਝੀ ਤਾਲਮੇਲ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮ ਆਪਣੇ ਜਾਇਜ਼ ਹੱਕਾਂ ਲਈ ਜਮਹੂਰੀ ਢੰਗ ਨਾਲ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਦੇ ਕਿਸੇ ਵੀ ਦਬਾਅ ਅੱਗੇ ਨਹੀਂ ਝੁਕਣਗੇ। ਉਨ੍ਹਾਂ ਕਿਹਾ ਕਿ ਬਕਾਇਆ ਮਹਿੰਗਾਈ ਭੱਤੇ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਰੋਸ ਮੁਹਿੰਮ ਜਾਰੀ ਰਹੇਗੀ।
ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਬੱਸਾਂ, ਹਸਪਤਾਲਾਂ, ਸਿਹਤ ਸੰਸਥਾਵਾਂ ਅਤੇ ਸਕੂਲਾਂ ਦੀਆਂ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ, ਕਿਉਂਕਿ ਅਧਿਆਪਕ, ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ਼ ਆਪਣੀਆਂ ਡਿਊਟੀਆਂ ਨਿਭਾਉਣਗੇ। ਹਾਲਾਂਕਿ ਦਫ਼ਤਰੀ ਸਟਾਫ਼ ਦੀ ਗੈਰਹਾਜ਼ਰੀ ਕਾਰਨ ਸਰਕਾਰੀ ਕੰਮਕਾਜ ਵਿੱਚ ਰੁਕਾਵਟ ਆ ਸਕਦੀ ਹੈ।
ਇਸ ਦੌਰਾਨ ਵੱਖ-ਵੱਖ ਯੂਨੀਅਨਾਂ ਨੇ ਚੰਡੀਗੜ੍ਹ, ਮੁਹਾਲੀ ਅਤੇ ਹੋਰ ਜ਼ਿਲ੍ਹਿਆਂ ਵਿੱਚ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਪ੍ਰਦਰਸ਼ਨ ਦੀ ਤਿਆਰੀ ਕੀਤੀ ਹੈ। ਯੂਨੀਅਨ ਆਗੂਆਂ ਦਾ ਦਾਅਵਾ ਹੈ ਕਿ ਸਰਕਾਰ ਤਨਖ਼ਾਹਾਂ ਅਤੇ ਭੱਤਿਆਂ ਸਬੰਧੀ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੀ ਹੈ ਅਤੇ ਮੰਗਲਵਾਰ ਦੇ ਰੋਸ ਪ੍ਰਦਰਸ਼ਨ ਦੌਰਾਨ ਇਸ ਸਬੰਧੀ ਆਪਣਾ ਪੱਖ ਸਪੱਸ਼ਟ ਕੀਤਾ ਜਾਵੇਗਾ।







