ਅੱਜ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ, ਭਾਰੀ ਜਾਮ ਤੋਂ ਬਚੋ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਨੇੜੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਦਾ ਮਾਹੌਲ ਤਣਾਅਪੂਰਨ ਬਣ ਗਿਆ। ਘਟਨਾ ਦੀ ਖ਼ਬਰ ਫੈਲਦਿਆਂ ਹੀ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਘਟਨਾ ਸਥਾਨ ’ਤੇ ਪਹੁੰਚਣੇ ਸ਼ੁਰੂ ਹੋ ਗਏ।

ਮਾਮਲੇ ਦੇ ਵਿਰੋਧ ਵਿੱਚ ਐੱਸਸੀ ਭਾਈਚਾਰੇ ਵੱਲੋਂ ਅੱਜ, ਬੁੱਧਵਾਰ ਨੂੰ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੰਦ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸ਼ਹਿਰ ਦੀ ਆਵਾਜਾਈ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਘਟਨਾ ਤੋਂ ਭੜਕੇ ਸੈਂਕੜੇ ਲੋਕ ਜਲੰਧਰ ਬਾਈਪਾਸ ਚੌਂਕ ’ਤੇ ਇਕੱਠੇ ਹੋਏ ਅਤੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਚੌਂਕ ਦੇ ਵੱਖ-ਵੱਖ ਰਸਤਿਆਂ ਨੂੰ ਘੇਰ ਲਿਆ, ਜਿਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਚੌਂਕ ਦੇ ਆਸ-ਪਾਸ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪ੍ਰਦਰਸ਼ਨ ਦੌਰਾਨ ਲੋਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ, ਜਿਸ ਕਾਰਨ ਆਲੇ-ਦੁਆਲੇ ਦੇ ਰਸਤਿਆਂ ’ਤੇ ਵੀ ਟ੍ਰੈਫਿਕ ਦਾ ਦਬਾਅ ਵਧ ਗਿਆ। ਕਈ ਵਾਹਨ ਚਾਲਕ ਲੰਬੇ ਸਮੇਂ ਤੱਕ ਜਾਮ ਵਿੱਚ ਫਸੇ ਰਹੇ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਹੋਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਇਸ ’ਤੇ ਉਮੀਦ ਮੁਤਾਬਕ ਤੁਰੰਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਹਾਲਾਤ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ। ਡੀਸੀਪੀ ਆਲਮ ਵਿਜੇ ਸਿੰਘ, ਏਸੀਪੀ ਨਾਰਥ ਕਿੱਕਰ ਸਿੰਘ ਭੁੱਲਰ ਅਤੇ ਸੀਨੀਅਰ ਅਧਿਕਾਰੀ ਸਮੀਰ ਵਰਮਾ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਸਥਿਤੀ ’ਤੇ ਲਗਾਤਾਰ ਨਿਗਰਾਨੀ ਕੀਤੀ ਗਈ।

ਹੁਣ ਸਾਰਿਆਂ ਦੀ ਨਜ਼ਰ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਅਤੇ ਲੁਧਿਆਣਾ ਬੰਦ ਦੇ ਪ੍ਰਭਾਵ ’ਤੇ ਟਿਕੀ ਹੋਈ ਹੈ। ਪ੍ਰਸ਼ਾਸਨ ਲਈ ਸਭ ਤੋਂ ਵੱਡੀ ਚੁਣੌਤੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸੰਵੇਦਨਸ਼ੀਲ ਮਾਮਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਹੱਲ ਕਰਨਾ ਹੈ।