ਪੰਜਾਬ ਚੋਣਾਂ ਦੀ ਤਿਆਰੀ ਤੇਜ਼, ‘ਆਪ’ ਦੀ ਅਹਿਮ ਕਮੇਟੀ ’ਚ ਮਾਨ-ਚੀਮਾ ਨੂੰ ਮਿਲੀ ਜਗ੍ਹਾ

AAP PAC Reshuffle: ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਨੇ ਮਾਨ ਤੇ ਚੀਮਾ ਨੂੰ ਦਿੱਤੀ ਵੱਡੀ ਸੰਗਠਨਾਤਮਕ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਸਭ ਤੋਂ ਅਹਿਮ ਫੈਸਲਾ ਲੈਣ ਵਾਲੀ ਇਕਾਈ, ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਵਿੱਚ ਵੱਡੇ ਬਦਲਾਅ ਕੀਤੇ ਹਨ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦੱਸ ਮੈਂਬਰੀ ਪੀ.ਏ.ਸੀ. ਦਾ ਮੈਂਬਰ ਬਣਾਇਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਮੂਲੀਅਤ ਨੂੰ ਪੰਜਾਬ ਵਿੱਚ ਉਨ੍ਹਾਂ ਦੀ ਸਿਆਸੀ ਅਹਿਮੀਅਤ ਨੂੰ ਹੋਰ ਮਜ਼ਬੂਤ ਕਰਨ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਨੇ ਇਹ ਸੰਕੇਤ ਵੀ ਦਿੱਤਾ ਹੈ ਕਿ ਚੀਮਾ ਪੰਜਾਬ ਵਿੱਚ ਸੀਨੀਅਰ ਲੀਡਰਸ਼ਿਪ ਦਾ ਅਹਿਮ ਚਿਹਰਾ ਹਨ। ਨਾਲ ਹੀ, ਇਸ ਫੈਸਲੇ ਰਾਹੀਂ ਦਲਿਤ ਭਾਈਚਾਰੇ ਨੂੰ ਵੀ ਪਾਰਟੀ ਦੀ ਸਭ ਤੋਂ ਉੱਚੀ ਫੈਸਲਾ ਲੈਣ ਵਾਲੀ ਕਮੇਟੀ ਵਿੱਚ ਨੁਮਾਇੰਦਗੀ ਦਿੱਤੀ ਗਈ ਹੈ।

ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਸਤਿੰਦਰ ਜੈਨ ਨੂੰ ਵੀ ਪੀ.ਏ.ਸੀ. ਵਿੱਚ ਜਗ੍ਹਾ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਇਸ ਕਮੇਟੀ ਦੇ ਵਿਸ਼ੇਸ਼ ਸੱਦੇ ਹੋਏ ਮੈਂਬਰ ਸਨ, ਪਰ ਹੁਣ ਉਨ੍ਹਾਂ ਨੂੰ ਪੱਕਾ ਮੈਂਬਰ ਬਣਾਇਆ ਗਿਆ ਹੈ। ਪੰਜਾਬ ਵਿੱਚ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੋਣ ਦੇ ਨਾਤੇ ਮਾਨ ’ਤੇ ਆਉਣ ਵਾਲੀਆਂ ਚੋਣਾਂ ਦੀ ਅਗਵਾਈ ਕਰਨ ਦੀ ਵੱਡੀ ਜ਼ਿੰਮੇਵਾਰੀ ਹੋਵੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਅਤੇ ਵਿਭਵ ਕੁਮਾਰ ਨੂੰ ਪਾਰਟੀ ਦੀ 23 ਮੈਂਬਰੀ ਕੌਮੀ ਕਾਰਜਕਾਰਨੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਅਤੇ ਪਾਰਟੀ ਸੰਗਠਨ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਯਤਨਾਂ ਦਾ ਹਿੱਸਾ ਮੰਨਿਆ ਜਾ ਰਿਹਾ ਹੈ।

ਸਿਆਸੀ ਮਾਹਿਰਾਂ ਮੁਤਾਬਕ ਇਨ੍ਹਾਂ ਨਿਯੁਕਤੀਆਂ ਨਾਲ ਪੰਜਾਬ ਦੀ ਲੀਡਰਸ਼ਿਪ ਨੂੰ ਉਮੀਦਵਾਰਾਂ ਦੀ ਚੋਣ, ਚੋਣੀ ਰਣਨੀਤੀ ਤਿਆਰ ਕਰਨ ਅਤੇ ਮੁਹਿੰਮ ਦੇ ਪ੍ਰਬੰਧਨ ਵਿੱਚ ਹੋਰ ਸਿੱਧੀ ਭੂਮਿਕਾ ਮਿਲੇਗੀ। ਦਿੱਲੀ ਵਿੱਚ ਸੱਤਾ ਗੁਆਉਣ ਤੋਂ ਬਾਅਦ ਪੰਜਾਬ ਹੀ ਆਮ ਆਦਮੀ ਪਾਰਟੀ ਦਾ ਸਭ ਤੋਂ ਮਹੱਤਵਪੂਰਨ ਸੂਬਾ ਬਣ ਕੇ ਉਭਰਿਆ ਹੈ, ਜਿਸ ਕਾਰਨ ਪਾਰਟੀ ਇੱਥੇ ਆਪਣੀ ਸਿਆਸੀ ਪਕੜ ਬਰਕਰਾਰ ਰੱਖਣ ਲਈ ਸੰਗਠਨ ਨੂੰ ਹੋਰ ਮਜ਼ਬੂਤ ਕਰ ਰਹੀ ਹੈ।

ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਪਾਰਟੀ ਨੂੰ ਬੇਰੁਜ਼ਗਾਰੀ, ਨਸ਼ਿਆਂ, ਵਿੱਤੀ ਚੁਣੌਤੀਆਂ ਅਤੇ ਵਿਰੋਧੀ ਧਿਰ ਦੇ ਵਧਦੇ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਿਆਸੀ ਧਿਰਾਂ ਵੀ ਸੂਬੇ ਵਿੱਚ ਆਪਣਾ ਅਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਪੀ.ਏ.ਸੀ. ਵਿੱਚ ਭਗਵੰਤ ਮਾਨ ਦੀ ਸਥਾਈ ਸ਼ਮੂਲੀਅਤ ਨਾਲ ਪੰਜਾਬ ਸਰਕਾਰ ਅਤੇ ਪਾਰਟੀ ਦੀ ਕੌਮੀ ਲੀਡਰਸ਼ਿਪ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਉੱਧਰ ਸਤਿੰਦਰ ਜੈਨ ਦੀ ਭੂਮਿਕਾ ਪੰਜਾਬ ਇਕਾਈ ਅਤੇ ਕੇਂਦਰੀ ਲੀਡਰਸ਼ਿਪ ਦਰਮਿਆਨ ਸੰਗਠਨਾਤਮਕ ਰਾਬਤਾ ਵਧਾਉਣ ਵਿੱਚ ਅਹਿਮ ਮੰਨੀ ਜਾ ਰਹੀ ਹੈ।