Punjab Weather Heat: ਪੰਜਾਬ ’ਚ ਗਰਮੀ ਤੇ ਹੁੰਮਸ ਨੇ ਕੀਤਾ ਲੋਕਾਂ ਦਾ ਬੁਰਾ ਹਾਲ, ਮੀਂਹ ਦੀ ਉਮੀਦ
ਚੰਡੀਗੜ੍ਹ: ਪੰਜਾਬ ਵਿੱਚ ਸ਼ਨਿੱਚਰਵਾਰ ਨੂੰ ਗਰਮੀ ਦਾ ਕਹਿਰ ਜਾਰੀ ਰਿਹਾ। ਤੇਜ਼ ਧੁੱਪ ਅਤੇ ਮੀਂਹ ਨਾ ਪੈਣ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਦਿਨ ਭਰ ਤਪਸ਼ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਿਆ। ਗਰਮੀ ਤੋਂ ਬਚਣ ਲਈ ਲੋਕ ਜ਼ਿਆਦਾਤਰ ਸਮਾਂ ਘਰਾਂ ਅੰਦਰ ਰਹਿਣ ਲਈ ਮਜਬੂਰ ਰਹੇ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਭਾਖੜਾ ਖੇਤਰ ਵਿੱਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਇਸ ਦੌਰਾਨ ਹਵਾ ਵਿੱਚ ਨਮੀ ਵਧਣ ਕਾਰਨ ਗਰਮੀ ਦੇ ਨਾਲ ਹੁੰਮਸ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾਈਆਂ।
13 ਤੋਂ 17 ਸਤੰਬਰ ਤੱਕ ਮੀਂਹ ਦਾ ਯੈਲੋ ਅਲਰਟ
ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਵਿੱਚ 13 ਤੋਂ 17 ਸਤੰਬਰ ਤੱਕ ਵੱਖ-ਵੱਖ ਥਾਵਾਂ ’ਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੌਨਸੂਨ ਦੀ ਸਰਗਰਮੀ ਮੁੜ ਵਧ ਸਕਦੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।
ਮੀਂਹ ਪੈਣ ਨਾਲ ਸੂਬੇ ਵਿੱਚ ਚੱਲ ਰਹੀ ਗਰਮੀ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿੱਚ ਤਬਦੀਲੀ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ।
ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਪਿਆ ਮੀਂਹ
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਦਰਜ ਕੀਤਾ ਗਿਆ। ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ 3.7 ਡਿਗਰੀ ਵੱਧ
ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਵੱਧ ਰਿਹਾ। ਇਸ ਕਾਰਨ ਸ਼ਹਿਰ ਵਿੱਚ ਵੀ ਦਿਨ ਵੇਲੇ ਗਰਮੀ ਅਤੇ ਹੁੰਮਸ ਦਾ ਪ੍ਰਭਾਵ ਬਣਿਆ ਰਿਹਾ।
ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਤਾਪਮਾਨ ਵਿੱਚ ਕਮੀ ਆਉਣ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।







