ਅਕਾਲੀ ਦਲ ਦੀ ਵੱਡੀ ਤਿਆਰੀ, ਮੈਨੀਫੈਸਟੋ ਲਈ 9 ਮੈਂਬਰੀ ਕਮੇਟੀ ਗਠਿਤ

SAD Manifesto Committee: ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਮਿਲੇ ਸੁਝਾਵਾਂ ਦੇ ਆਧਾਰ ’ਤੇ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ।

ਕਮੇਟੀ ਦੀ ਕਮਾਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ ਵਜੋਂ ਸੌਂਪੀ ਗਈ ਹੈ, ਜਦਕਿ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਵਜੋਂ ਜ਼ਿੰਮੇਵਾਰੀ ਨਿਭਾਉਣਗੇ। ਇਹ ਕਮੇਟੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਠਿਤ ਕੀਤੀ ਗਈ ਹੈ।

ਕਮੇਟੀ ਦੇ ਮੈਂਬਰਾਂ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਦੇ ਯੂਥ, ਮਹਿਲਾ, ਵਪਾਰ ਤੇ ਉਦਯੋਗ, ਕਾਨੂੰਨੀ, ਐੱਸ.ਓ.ਆਈ., ਮੁਲਾਜ਼ਮ, ਸਾਬਕਾ ਫ਼ੌਜੀ ਅਤੇ ਘੱਟ ਗਿਣਤੀ ਵਿੰਗਾਂ ਦੇ ਪ੍ਰਧਾਨ ਵਿਸ਼ੇਸ਼ ਇਨਵਾਈਟੀ ਵਜੋਂ ਕਮੇਟੀ ਨਾਲ ਜੁੜਨਗੇ।

ਵੱਖ-ਵੱਖ ਵਰਗਾਂ ਤੋਂ ਲਏ ਜਾਣਗੇ ਸੁਝਾਅ

ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਔਰਤਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਮੁਲਾਕਾਤ ਕਰੇਗੀ। ਕਮੇਟੀ ਵੱਲੋਂ ਇਨ੍ਹਾਂ ਵਰਗਾਂ ਦੀਆਂ ਮੁੱਖ ਸਮੱਸਿਆਵਾਂ, ਉਮੀਦਾਂ ਅਤੇ ਤਰਜੀਹਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।

ਪਾਰਟੀ ਮੁਤਾਬਕ ਲੋਕਾਂ ਤੋਂ ਮਿਲਣ ਵਾਲੇ ਸੁਝਾਵਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਦਾ ਅਹਿਮ ਆਧਾਰ ਬਣਾਇਆ ਜਾਵੇਗਾ। ਪਾਰਟੀ ਦਾ ਉਦੇਸ਼ ਹੈ ਕਿ ਮੈਨੀਫੈਸਟੋ ਵਿੱਚ ਪੰਜਾਬ ਦੇ ਲੋਕਾਂ ਦੀਆਂ ਆਵਾਜ਼ਾਂ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਥਾਂ ਮਿਲੇ।

ਕਾਂਗਰਸ ਵੀ ਪਹਿਲਾਂ ਕਰ ਚੁੱਕੀ ਹੈ ਕਮੇਟੀ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਵੀ ਪਹਿਲਾਂ ਹੀ ਮੈਨੀਫੈਸਟੋ ਕਮੇਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ਹੇਠ ਕਮੇਟੀ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਇਹ ਐਲਾਨ ਵੀ ਕਰ ਚੁੱਕਾ ਹੈ ਕਿ ਸੱਤਾ ਵਿੱਚ ਆਉਣ ’ਤੇ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਦਾ ਦਰਜਾ ਦੇਵੇਗੀ।