Congress Protest: ਬਿਜਲੀ ਕਟੌਤੀ ਤੇ ਵਧਦੇ ਬਿੱਲਾਂ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਰਾਜਾ ਵੜਿੰਗ ਹਿਰਾਸਤ ’ਚ
ਪੰਜਾਬ: ਬਿਜਲੀ ਦੀਆਂ ਕਟੌਤੀਆਂ ਅਤੇ ਵਧਦੇ ਬਿਜਲੀ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੂਬੇ ਦੀ ਬਿਜਲੀ ਵਿਵਸਥਾ ’ਤੇ ਸਵਾਲ ਚੁੱਕੇ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਉਠਾਇਆ।
ਪ੍ਰਦਰਸ਼ਨ ਦੌਰਾਨ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਪਾਵਰਕਾਮ ਦੇ ਹੈੱਡ ਆਫਿਸ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੁਲੀਸ ਨੇ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਾਮਲ ਸਨ। ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਬਿਜਲੀ ਦੀ ਮੌਜੂਦਾ ਸਥਿਤੀ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬਿਜਲੀ ਪ੍ਰਬੰਧਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਕਦਮ ਨਹੀਂ ਚੁੱਕੇ ਜਾ ਰਹੇ।
ਸਰਕਾਰ ’ਤੇ ਬਜਟ ਦੀ ਦੁਰਵਰਤੋਂ ਦਾ ਦੋਸ਼
ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪਾਵਰਕਾਮ ਲਈ ਰੱਖੇ ਜਾਣ ਵਾਲੇ ਬਜਟ ਦੀ ਰਕਮ ਨੂੰ ਸਰਕਾਰ ਵੱਲੋਂ ਹੋਰ ਕੰਮਾਂ ਵਿੱਚ ਖਰਚ ਕੀਤਾ ਗਿਆ, ਜਿਸ ਦਾ ਪ੍ਰਭਾਵ ਸੂਬੇ ਦੀ ਬਿਜਲੀ ਵਿਵਸਥਾ ’ਤੇ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਬਿਜਲੀ ਕਟੌਤੀਆਂ ਦੇ ਨਾਲ-ਨਾਲ ਭਾਰੀ ਬਿਜਲੀ ਬਿੱਲਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਮੱਸਿਆ ਦੇ ਠੋਸ ਹੱਲ ਦੀ ਬਜਾਏ ਸਿਰਫ਼ ਦਾਅਵੇ ਕੀਤੇ ਜਾ ਰਹੇ ਹਨ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬਿਜਲੀ ਸੰਕਟ ਹੁਣ ਆਮ ਲੋਕਾਂ ਲਈ ਗੰਭੀਰ ਮੁੱਦਾ ਬਣ ਚੁੱਕਾ ਹੈ ਅਤੇ ਸਰਕਾਰ ਨੂੰ ਇਸ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਬਿਜਲੀ ਵਿਵਸਥਾ ਵਿੱਚ ਸੁਧਾਰ ਲਈ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਕਾਂਗਰਸ ਵੱਲੋਂ ਸਰਕਾਰ ਦੇ ਕਥਿਤ ਜਨ ਵਿਰੋਧੀ ਅਤੇ ਪੰਜਾਬ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਲੋਕਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।






