Faridkot School Threat: ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਵੱਲੋਂ ਵਿਆਪਕ ਤਲਾਸ਼ੀ
ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੇ ਛੇ ਸਕੂਲਾਂ ਨੂੰ ਮੰਗਲਵਾਰ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਪੁਲੀਸ ਨੇ ਸਾਰੇ ਸਬੰਧਤ ਸਕੂਲਾਂ ਵਿੱਚ ਸੁਰੱਖਿਆ ਜਾਂਚ ਅਤੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ, ਜਾਂਚ ਦੌਰਾਨ ਕਿਸੇ ਵੀ ਸਕੂਲ ਵਿੱਚੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਕਰੀਬ 10:15 ਵਜੇ ਦੋ ਵੱਖ-ਵੱਖ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ। ਪਹਿਲੀ ਈਮੇਲ ਵਿੱਚ ਕੇਂਦਰੀ ਵਿਦਿਆਲਿਆ, ਦਿੱਲੀ ਇੰਟਰਨੈਸ਼ਨਲ ਸਕੂਲ ਅਤੇ ਜਵਾਹਰ ਨਵੋਦਿਆ ਵਿਦਿਆਲਿਆ, ਸਾਦਿਕ ਰੋਡ, ਫਰੀਦਕੋਟ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ।
ਇਸ ਤੋਂ ਕੁਝ ਸਮੇਂ ਬਾਅਦ ਮਿਲੀ ਦੂਜੀ ਈਮੇਲ ਵਿੱਚ ਮਹਾਤਮਾ ਗਾਂਧੀ ਮੈਮੋਰੀਅਲ ਸਕੂਲ, ਮਾਊਂਟ ਲਿਟਰਾ ਜ਼ੀ ਸਕੂਲ ਅਤੇ ਸੈਂਟ ਮੈਰੀ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਈਮੇਲਾਂ ਖਾਲਿਸਤਾਨ ਸਮਰਥਕਾਂ ਵੱਲੋਂ ਭੇਜੀਆਂ ਗਈਆਂ ਸਨ। ਹਾਲਾਂਕਿ, ਇਸ ਸਬੰਧੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੁਲੀਸ ਨੇ ਚੱਪੇ-ਚੱਪੇ ਦੀ ਕੀਤੀ ਜਾਂਚ
ਧਮਕੀ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲੀਸ ਵੱਲੋਂ ਤੁਰੰਤ ਅਲਰਟ ਜਾਰੀ ਕੀਤਾ ਗਿਆ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਡੀਐੱਸਪੀ ਪੱਧਰ ਦੇ ਅਧਿਕਾਰੀਆਂ ਅਤੇ ਸਬੰਧਤ ਥਾਣਾ ਮੁਖੀਆਂ ਦੀ ਅਗਵਾਈ ਹੇਠ ਪੁਲੀਸ ਟੀਮਾਂ ਛੇਵੇਂ ਸਕੂਲਾਂ ਵਿੱਚ ਪਹੁੰਚੀਆਂ।
ਪੁਲੀਸ ਟੀਮਾਂ ਨੇ ਸਕੂਲਾਂ ਦੀਆਂ ਇਮਾਰਤਾਂ ਦੇ ਅੰਦਰ ਅਤੇ ਆਲੇ-ਦੁਆਲੇ ਦੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਹਰ ਕਮਰੇ ਅਤੇ ਸੰਭਾਵਿਤ ਥਾਵਾਂ ਦੀ ਤਲਾਸ਼ੀ ਲਈ ਗਈ।
ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਧਮਕੀ ਭਰੀਆਂ ਈਮੇਲਾਂ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਬਿਨਾਂ ਦੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਸਬੰਧਤ ਸਾਰੇ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਪਰ ਚੈਕਿੰਗ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਧਮਕੀਆਂ ਕਾਰਨ ਘਬਰਾਉਣ ਦੀ ਲੋੜ ਨਹੀਂ ਹੈ। ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੀਆਂ ਈਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।







