Cyber Fraud Case: ਪਟਿਆਲਾ-ਮੁਹਾਲੀ ’ਚ ਨਕਲੀ ਕਾਲ ਸੈਂਟਰਾਂ ’ਤੇ ਈਡੀ ਦੀ ਛਾਪੇਮਾਰੀ
ਪਟਿਆਲਾ: ਗ਼ੈਰ-ਕਾਨੂੰਨੀ ਕਾਲ ਸੈਂਟਰਾਂ ਅਤੇ ਸਾਈਬਰ ਠੱਗੀ ਨਾਲ ਜੁੜੇ ਗਿਰੋਹਾਂ ਖ਼ਿਲਾਫ਼ ਕਾਰਵਾਈ ਤਹਿਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪਟਿਆਲਾ ਅਤੇ ਮੁਹਾਲੀ ਵਿੱਚ ਛਾਪੇਮਾਰੀ ਕੀਤੀ ਗਈ। ਪਟਿਆਲਾ ਦੇ ਅਰਬਨ ਅਸਟੇਟ ਵਿੱਚ ਸਥਿਤ ‘ਡੀਐੱਮ ਵੈੱਬ ਸੋਲਿਊਸ਼ਨਜ਼’ ਵਿੱਚ ਈਡੀ ਦੀ ਕਾਰਵਾਈ 14 ਘੰਟਿਆਂ ਤੋਂ ਵੱਧ ਸਮੇਂ ਬਾਅਦ ਵੀ ਜਾਰੀ ਰਹਿਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਸੂਤਰਾਂ ਅਨੁਸਾਰ, ਈਡੀ ਨੂੰ ਕੁਝ ਫਰਮਾਂ ਨਾਲ ਜੁੜੇ ਕਰੋੜਾਂ ਰੁਪਏ ਦੇ ਸ਼ੱਕੀ ਵਿੱਤੀ ਲੈਣ-ਦੇਣ ਬਾਰੇ ਜਾਣਕਾਰੀ ਮਿਲੀ ਸੀ। ਇਸ ਦੇ ਆਧਾਰ ’ਤੇ ਜਾਂਚ ਏਜੰਸੀ ਵੱਲੋਂ ਪਟਿਆਲਾ ਅਤੇ ਮੁਹਾਲੀ ਦੇ ਵੱਖ-ਵੱਖ ਟਿਕਾਣਿਆਂ ’ਤੇ ਇੱਕੋ ਸਮੇਂ ਕਾਰਵਾਈ ਕੀਤੀ ਗਈ।
ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਮੰਗਲਵਾਰ ਦੇਰ ਸ਼ਾਮ ਇਨ੍ਹਾਂ ਟਿਕਾਣਿਆਂ ’ਤੇ ਪਹੁੰਚੀਆਂ। ਟੀਮਾਂ ਵੱਲੋਂ ਨਕਲੀ ਕਾਲ ਸੈਂਟਰਾਂ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਵਿੱਚ ਸਥਿਤ ਦੋ ਸ਼ੋਅਰੂਮਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਈਡੀ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ।
ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਇਹ ਦੋਵੇਂ ਕਾਲ ਸੈਂਟਰ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਸਨ। ਜਾਂਚ ਦੌਰਾਨ ਇਨ੍ਹਾਂ ਨਾਲ ਜੁੜੇ ਕੁਝ ਜਾਣੇ-ਪਛਾਣੇ ਵਿਅਕਤੀਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਹਾਲਾਂਕਿ, ਇਸ ਸਬੰਧੀ ਈਡੀ ਵੱਲੋਂ ਅਧਿਕਾਰਤ ਤੌਰ ’ਤੇ ਵਿਸਥਾਰਪੂਰਵਕ ਜਾਣਕਾਰੀ ਜਾਰੀ ਕੀਤਾ ਜਾਣਾ ਬਾਕੀ ਹੈ।
ਰੋਪੜ ਵਿੱਚ ਵੀ ਹੋ ਚੁੱਕੀ ਹੈ ਕਾਰਵਾਈ
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੀ ਈਡੀ ਵੱਲੋਂ ਰੋਪੜ ਜ਼ਿਲ੍ਹੇ ਦੇ ਇੱਕ ਕਾਰੋਬਾਰੀ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਇਹ ਕਾਰਵਾਈ ਵਿਦੇਸ਼ੀ ਨਾਗਰਿਕਾਂ ਨਾਲ ਕਥਿਤ ਤੌਰ ’ਤੇ 100 ਕਰੋੜ ਰੁਪਏ ਦੀ ਸਾਈਬਰ ਠੱਗੀ ਨਾਲ ਜੁੜੇ ਇੱਕ ਕਾਲ ਸੈਂਟਰ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਸੀ।
ਪਟਿਆਲਾ ਅਤੇ ਮੁਹਾਲੀ ਵਿੱਚ ਹੋਈ ਤਾਜ਼ਾ ਕਾਰਵਾਈ ਨੂੰ ਵੀ ਗ਼ੈਰ-ਕਾਨੂੰਨੀ ਕਾਲ ਸੈਂਟਰਾਂ ਅਤੇ ਸਾਈਬਰ ਫਰਾਡ ਨਾਲ ਜੁੜੇ ਵਿੱਤੀ ਨੈੱਟਵਰਕ ਦੀ ਜਾਂਚ ਦੇ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ।







