ਅੰਮ੍ਰਿਤਸਰ: ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜੋ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਸੇਵਾਵਾਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਹਿਰੀਨ ਤੋਂ ਆਈ ਮਹਿਲਾ ਦੀ ਆਮਦ ਜਾਂ ਉਸ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ ਅਤੇ ਨਾ ਹੀ ਉਸ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ।
ਜਾਂਚ ਲਈ ਬਣਾਈ ਗਈ ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖਾਲਸਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦਕਿ ਐਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕਮੇਟੀ ਨੂੰ 15 ਦਿਨਾਂ ਵਿੱਚ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਧਾਮੀ ਨੇ ਦੱਸਿਆ ਕਿ ਗਿਆਨੀ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਵਿੱਚੋਂ ਛੇਕੇ ਜਾਣ ਤੋਂ ਬਾਅਦ ਐਸਜੀਪੀਸੀ ਨੇ ਵੀ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਹਨ। ਇਸ ਮਾਮਲੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਇੱਕ ਡਰਾਈਵਰ ਨੂੰ ਵੀ ਪਹਿਲਾਂ ਮੁਅੱਤਲ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੱਲੋਂ ਦਿੱਤਾ ਗਿਆ ਅਸਤੀਫ਼ਾ ਵੀ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਗਿਆ ਹੈ।
ਐਸਜੀਪੀਸੀ ਪ੍ਰਧਾਨ ਮੁਤਾਬਕ ਮਾਮਲਾ ਸਾਹਮਣੇ ਆਉਣ ਵਾਲੇ ਦਿਨ ਹੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਮੁੱਢਲੀ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਮਾਮਲੇ ਨਾਲ ਜੁੜੇ ਹੋਰ ਸਵਾਲਾਂ ’ਤੇ ਵੀ ਸਪੱਸ਼ਟਤਾ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਨੇ ਇਸ ਮਾਮਲੇ ਵਿੱਚ ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕਣ ਦਾ ਫ਼ੈਸਲਾ ਕੀਤਾ ਸੀ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ ਰੱਖਣ ਦੀ ਹਦਾਇਤ ਦਿੱਤੀ ਸੀ।
ਇਸੇ ਦੌਰਾਨ ਸੋਸ਼ਲ ਮੀਡੀਆ ’ਤੇ ਵਾਇਰਲ ਇੱਕ ਵੀਡੀਓ ਵਿੱਚ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਫ਼ੈਸਲਾ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਣਾ ਚਾਹੀਦਾ ਸੀ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲਏ ਗਏ ਫ਼ੈਸਲੇ ’ਤੇ ਵੀ ਸਵਾਲ ਉਠਾਏ ਹਨ।







