ਮੁੱਖ ਮੰਤਰੀ ਵੱਲੋਂ ਸੂਬੇ ਦੇ ਮਜ਼ਬੂਤ ਵਿੱਤੀ ਢਾਂਚੇ ’ਤੇ ਜ਼ੋਰ

ਸਥਾਨਕ ਸੰਸਥਾਵਾਂ ਨੂੰ ਮਜ਼ਬੂਤ ਵਿੱਤੀ ਢਾਂਚਾ ਮੁਹੱਈਆ ਕਰਵਾਉਣਾ ਜ਼ਰੂਰੀ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਗਠਿਤ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਮੀਟਿੰਗ ਕਰਦਿਆਂ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਨੂੰ ਵਿੱਤੀ ਤੌਰ ’ਤੇ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿੱਤੀ ਸਥਿਰਤਾ ਕਾਇਮ ਰੱਖਣ ਅਤੇ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੁਚੱਜੀ ਵਿੱਤੀ ਵਿਵਸਥਾ ਅਤੇ ਟਿਕਾਊ ਵਿੱਤੀ ਸੰਸਥਾਵਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਿੱਤ ਕਮਿਸ਼ਨ ਪੰਚਾਇਤਾਂ, ਨਗਰ ਕੌਂਸਲਾਂ ਅਤੇ ਹੋਰ ਸਥਾਨਕ ਸੰਸਥਾਵਾਂ ਦੀ ਆਮਦਨ ਦੇ ਸਰੋਤਾਂ, ਖਰਚਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਵਿੱਤੀ ਲੋੜਾਂ ਦਾ ਵਿਸਥਾਰ ਨਾਲ ਜਾਇਜ਼ਾ ਲਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਸੰਸਥਾਵਾਂ ਦੀ ਵਿੱਤੀ ਸਮਰੱਥਾ ਵਧਾਉਣ ਅਤੇ ਉਨ੍ਹਾਂ ਨੂੰ ਆਪਣੇ ਕੰਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਦੇ ਯੋਗ ਬਣਾਉਣ ਲਈ ਢੁਕਵੀਆਂ ਸਿਫ਼ਾਰਸ਼ਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਲਈ ਲੋੜੀਂਦੇ ਕਦਮ ਸੁਝਾਉਣ ਵਿੱਚ ਵਿੱਤ ਕਮਿਸ਼ਨ ਦੀ ਅਹਿਮ ਭੂਮਿਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤ ਕਮਿਸ਼ਨ ਪੰਚਾਇਤੀ ਰਾਜ ਸੰਸਥਾਵਾਂ ਅਤੇ ਨਗਰਪਾਲਿਕਾਵਾਂ ਨੂੰ ਵਿੱਤੀ ਵਿਕੇਂਦਰੀਕਰਣ ਪ੍ਰਦਾਨ ਕਰਨ ਲਈ ਸੰਵਿਧਾਨਕ ਵਿਵਸਥਾ ਦਾ ਮਹੱਤਵਪੂਰਨ ਹਿੱਸਾ ਹੈ।

ਉਨ੍ਹਾਂ ਦੱਸਿਆ ਕਿ ਇਸ ਵਿਵਸਥਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ 73ਵੀਂ ਸੰਵਿਧਾਨਕ ਸੋਧ ਤਹਿਤ ਸਥਾਪਤ ਜ਼ਮੀਨੀ ਪੱਧਰ ਦੀਆਂ ਸੰਸਥਾਵਾਂ ਕੋਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਲੋੜੀਂਦੇ ਵਿੱਤੀ ਸਰੋਤ ਮੌਜੂਦ ਹੋਣ। ਕਮਿਸ਼ਨ ਸੂਬੇ ਵੱਲੋਂ ਇਕੱਠੇ ਕੀਤੇ ਜਾਣ ਵਾਲੇ ਟੈਕਸਾਂ, ਡਿਊਟੀਆਂ, ਟੋਲ ਅਤੇ ਫੀਸਾਂ ਤੋਂ ਹੋਣ ਵਾਲੀ ਕੁੱਲ ਆਮਦਨ ਦੀ ਸੂਬਾ ਸਰਕਾਰ ਅਤੇ ਪੰਚਾਇਤਾਂ ਤੇ ਨਗਰ ਪਾਲਿਕਾਵਾਂ ਵਿਚਕਾਰ ਵੰਡ ਸਬੰਧੀ ਵੀ ਸਿਫ਼ਾਰਸ਼ਾਂ ਕਰ ਸਕਦਾ ਹੈ।

ਸੱਤਵੇਂ ਪੰਜਾਬ ਵਿੱਤ ਕਮਿਸ਼ਨ ਦਾ ਪੰਜ ਸਾਲਾਂ ਦਾ ਕਾਰਜਕਾਲ ਪਹਿਲੀ ਅਪਰੈਲ 2026 ਤੋਂ ਸ਼ੁਰੂ ਹੋਵੇਗਾ ਅਤੇ ਕਮਿਸ਼ਨ ਨੂੰ 30 ਸਤੰਬਰ 2027 ਤੱਕ ਆਪਣੀ ਰਿਪੋਰਟ ਪੇਸ਼ ਕਰਨੀ ਹੋਵੇਗੀ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਆਲੋਕ ਸੇਖਰ, ਸਕੱਤਰ ਪੇਂਡੂ ਵਿਕਾਸ, ਸਕੱਤਰ ਸਥਾਨਕ ਸਰਕਾਰਾਂ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।