ਪੰਜਾਬ ’ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਦੀ ਵਧੀ ਚਿੰਤਾ

ਝੋਨੇ ਦੀ ਸਰਕਾਰੀ ਖ਼ਰੀਦ ਵਿੱਚ ਦੇਰੀ ਕਾਰਨ ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਆਮਦ ਤੇਜ਼ ਹੋਣ ਲੱਗੀ ਹੈ, ਪਰ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀ ਇਸ ਸਥਿਤੀ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ।

ਮੋਰਚੇ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਅਗੇਤੀ ਬਿਜਾਈ ਹੋਣ ਕਾਰਨ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਣੀ ਸ਼ੁਰੂ ਹੋ ਗਈ ਹੈ। ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਲੰਮਾ ਸਮਾਂ ਉਡੀਕ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਭਵਾਨੀਗੜ੍ਹ, ਬਨੂੜ ਸਮੇਤ ਕਈ ਇਲਾਕਿਆਂ ਵਿੱਚ ਝੋਨੇ ਦੀ ਆਮਦ ਹੋ ਚੁੱਕੀ ਹੈ, ਪਰ ਖ਼ਰੀਦ ਨਾ ਸ਼ੁਰੂ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ।

ਹਰਿਆਣਾ ਵਿੱਚ ਕਿਸਾਨਾਂ ’ਤੇ ਕਾਰਵਾਈ ਦੀ ਨਿਖੇਧੀ

ਸੰਯੁਕਤ ਕਿਸਾਨ ਮੋਰਚੇ ਨੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੀ ਅਗਵਾਈ ਹੇਠ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਪੁਲੀਸ ਵੱਲੋਂ ਕੀਤੀ ਕਾਰਵਾਈ ਦੀ ਵੀ ਨਿਖੇਧੀ ਕੀਤੀ ਹੈ। ਮੋਰਚੇ ਅਨੁਸਾਰ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੇ ਨਾਲ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ।

ਐੱਸ.ਕੇ.ਐੱਮ. ਨੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਖ਼ਿਲਾਫ਼ ਜਬਰ ਦੀ ਕਾਰਵਾਈ ਕਰਨਾ ਠੀਕ ਨਹੀਂ ਹੈ। ਮੋਰਚੇ ਨੇ ਚਿਤਾਵਨੀ ਦਿੱਤੀ ਕਿ ਉਹ ਹਰਿਆਣਾ ਵਿੱਚ ਆਪਣੇ ਕਿਸਾਨ ਸਾਥੀਆਂ ਨਾਲ ਹੋ ਰਹੀ ਕਾਰਵਾਈ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਦੇਖਣਗੇ ਅਤੇ ਕਿਸਾਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।