ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਤੇ ਸੁਰੱਖਿਆ ਲਈ ਸਰਕਾਰ ਵਚਨਬੱਧ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਵਿੱਚ ਪ੍ਰਸਤਾਵਿਤ ਤਬਦੀਲੀਆਂ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਕਰੀਬ ਦੋ ਘੰਟੇ ਚੱਲੀ ਇਸ ਬੈਠਕ ਦੌਰਾਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਕਾਲ ਤਖ਼ਤ ਵੱਲੋਂ ਸੁਝਾਈਆਂ ਗਈਆਂ ਸੋਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ IPS ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਮੇਟੀ ਨੂੰ ਕਿਹਾ ਕਿ ਅਕਾਲ ਤਖ਼ਤ ਵੱਲੋਂ ਦਿੱਤੇ ਗਏ ਸੁਝਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇ ਅਤੇ ਇਸ ਸਬੰਧੀ ਬਣਾਏ ਗਏ ਪੈਨਲ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚ ਅਜਿਹੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਦੀ ਰਾਖੀ ਲਈ ਕੋਈ ਕਮੀ ਨਾ ਰਹੇ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਮੁਤਾਬਕ ਬੇਅਦਬੀ ਦੇ ਦੋਸ਼ ਸਾਬਤ ਹੋਣ ’ਤੇ ਉਮਰ ਕੈਦ ਅਤੇ ਭਾਰੀ ਜੁਰਮਾਨੇ ਵਰਗੀਆਂ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਵਿੱਚ ਪੈਦਾ ਹੋਏ ਰੋਸ ਅਤੇ ਚਿੰਤਾ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਕਸਦ ਅਜਿਹਾ ਕਾਨੂੰਨੀ ਢਾਂਚਾ ਤਿਆਰ ਕਰਨਾ ਹੈ ਜਿਸ ਨਾਲ ਅਜਿਹੇ ਗੰਭੀਰ ਅਪਰਾਧਾਂ ਨੂੰ ਰੋਕਣ ਵਿੱਚ ਮਦਦ ਮਿਲੇ।

ਅਕਾਲ ਤਖ਼ਤ ਵੱਲੋਂ ਸੁਝਾਈਆਂ ਗਈਆਂ ਸੋਧਾਂ ’ਤੇ ਅੱਗੇ ਵੀ ਵਿਚਾਰ-ਚਰਚਾ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਵਿੱਚ ਤਬਦੀਲੀ ਕਰਦੇ ਸਮੇਂ ਕਾਨੂੰਨੀ, ਸੰਵਿਧਾਨਕ ਅਤੇ ਹੋਰ ਸਬੰਧਤ ਪੱਖਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਨੋਡਲ ਅਧਿਕਾਰੀ PCS ਹਰਜੀਤ ਸਿੰਘ ਸੰਧੂ ਨੂੰ ਹਦਾਇਤ ਕੀਤੀ ਕਿ ਕਮੇਟੀ ਦੀਆਂ ਅਗਲੀਆਂ ਮੀਟਿੰਗਾਂ ਲਈ ਲੋੜੀਂਦਾ ਤਾਲਮੇਲ ਅਤੇ ਸਹਾਇਤਾ ਯਕੀਨੀ ਬਣਾਈ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੁਰੱਖਿਆ ਅਤੇ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਕਾਨੂੰਨੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ (ਸੋਧ) ਐਕਟ-2026’ ਵਿਧਾਨ ਸਭਾ ਵਿੱਚ ਪਾਸ ਕੀਤਾ ਸੀ। ਇਸ ਐਕਟ ਨੂੰ ਲੈ ਕੇ ਅਕਾਲ ਤਖ਼ਤ ਵੱਲੋਂ ਕੁਝ ਇਤਰਾਜ਼ ਅਤੇ ਸੁਝਾਅ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਸਰਕਾਰ ਨੇ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ।

ਅਕਾਲ ਤਖ਼ਤ ਦੇ ਇਤਰਾਜ਼ ਗੱਲਬਾਤ ਰਾਹੀਂ ਸੁਲਝਾਉਣ ਦੀ ਗੱਲ

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਆਪਸੀ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲੇ ਦਾ ਵੀ ਜ਼ਿਕਰ ਕੀਤਾ ਅਤੇ ਇਸ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇੱਕ ਮਹਿਲਾ ਦਾ ਸਰਾਂ ਵਿੱਚ ਲੰਬੇ ਸਮੇਂ ਤੱਕ ਰਹਿਣਾ ਅਤੇ ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹੂਲਤਾਂ ਮਿਲਣਾ ਕਈ ਸਵਾਲ ਪੈਦਾ ਕਰਦਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਪੁਲਿਸ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਕਮੇਟੀ ਨੂੰ ਪਾਰਦਰਸ਼ੀ ਢੰਗ ਨਾਲ ਜਾਂਚ ਕਰਕੇ ਤੱਥ ਸਾਹਮਣੇ ਲਿਆਉਣੇ ਚਾਹੀਦੇ ਹਨ।