ਐਲਪੀਯੂ ਹੰਗਾਮੇ ਪਿੱਛੇ ਵੱਡੀ ਸਾਜ਼ਿਸ਼ ਦਾ ਸ਼ੱਕ: ਅਸ਼ੋਕ ਮਿੱਤਲ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਵਿਦਿਆਰਥੀ ਪ੍ਰਦਰਸ਼ਨਾਂ ਅਤੇ ਹੰਗਾਮੇ ਤੋਂ ਕੁਝ ਦਿਨ ਬਾਅਦ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਪਹਿਲੀ ਵਾਰ ਇਸ ਮਾਮਲੇ ’ਤੇ ਖੁੱਲ੍ਹ ਕੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕੈਂਪਸ ਵਿੱਚ ਵਾਪਰੀਆਂ ਘਟਨਾਵਾਂ ਨੂੰ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿੱਤਲ ਨੇ ਕਿਹਾ ਕਿ ਐਲਪੀਯੂ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਇੱਕੋ ਜਿਹੀਆਂ ਘਟਨਾਵਾਂ ਦਾ ਵਾਪਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦੇ ਪਿੱਛੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ, ਸੂਬੇ ਦੀ ਛਵੀ ਖ਼ਰਾਬ ਕਰਨ, ਆਰਥਿਕਤਾ ਅਤੇ ਰੋਜ਼ਗਾਰ ’ਤੇ ਅਸਰ ਪਾਉਣ ਅਤੇ ਸਮਾਜਿਕ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ।

ਮਿੱਤਲ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਪੁਸ਼ਟ ਜਾਣਕਾਰੀ ਅਤੇ ਅਫਵਾਹਾਂ ਦੇ ਆਧਾਰ ’ਤੇ ਲੋਕਾਂ ਨੂੰ ਭੜਕਾਇਆ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਕੁਝ ਆਨਲਾਈਨ ਪੋਸਟਾਂ ਨੂੰ ਬਿਨਾਂ ਤੱਥਾਂ ਦੀ ਜਾਂਚ ਕੀਤੇ ਸੱਚ ਮੰਨ ਲਿਆ ਗਿਆ, ਜਿਸ ਕਾਰਨ ਸਥਿਤੀ ਵਿਗੜੀ।

ਵਿਦਿਆਰਥੀਆਂ ਵੱਲੋਂ ਲਗਾਏ ਗਏ ਹੋਰ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਜਿਹੇ ਦਾਅਵੇ ਅਕਸਰ ਪਹਿਲਾਂ ਤੋਂ ਤਿਆਰ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਐਲਪੀਯੂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਨ ਵਾਲੀਆਂ ਸੰਸਥਾਵਾਂ ਵਿੱਚੋਂ ਇੱਕ ਹੈ।

ਜਿਨਸੀ ਸ਼ੋਸ਼ਣ ਸਬੰਧੀ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਮਿੱਤਲ ਨੇ ਕਿਹਾ ਕਿ ਇਹ ਦਾਅਵੇ ਪੂਰੀ ਤਰ੍ਹਾਂ ਝੂਠੇ ਹਨ ਅਤੇ ਇਨ੍ਹਾਂ ਦਾ ਕੋਈ ਆਧਾਰ ਨਹੀਂ ਹੈ।

ਇਹ ਪੁੱਛੇ ਜਾਣ ’ਤੇ ਕਿ ਕੀ ਇਨ੍ਹਾਂ ਘਟਨਾਵਾਂ ਦਾ ਸਬੰਧ ਉਨ੍ਹਾਂ ਦੇ ਸਿਆਸੀ ਬਦਲਾਅ ਨਾਲ ਹੋ ਸਕਦਾ ਹੈ, ਉਨ੍ਹਾਂ ਟਿੱਪਣੀ ਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਉਹ ਇਸ ਮਾਮਲੇ ’ਤੇ ਕੁਝ ਕਹਿਣਗੇ।

ਮਿੱਤਲ ਨੇ ਇਹ ਵੀ ਕਿਹਾ ਕਿ ਯੂਨੀਵਰਸਿਟੀ ਨੂੰ ਸ਼ੱਕ ਹੈ ਕਿ ਕੁਝ ਅਜਿਹੇ ਲੋਕ ਵੀ ਘਟਨਾਵਾਂ ਵਿੱਚ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ਦਾ ਪਹਿਲਾਂ ਯੂਨੀਵਰਸਿਟੀ ਨਾਲ ਵਿਵਾਦ ਰਿਹਾ ਹੋਵੇ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟਤਾ ਆ ਸਕੇਗੀ।

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਭੰਨਤੋੜ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ ਅਤੇ ਮਾਮਲੇ ਦੀ ਪੂਰੀ ਜਾਂਚ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵੀ ਵਿਅਕਤੀ, ਭਾਵੇਂ ਉਹ ਵਿਦਿਆਰਥੀ ਹੀ ਕਿਉਂ ਨਾ ਹੋਵੇ, ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਅਸ਼ੋਕ ਮਿੱਤਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਰੈਲੀ ਦੌਰਾਨ ਉਨ੍ਹਾਂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਕਾਰ ਐਲਪੀਯੂ ਨਾਲ ਜੁੜੇ ਇਸ ਮਾਮਲੇ ਬਾਰੇ ਕੋਈ ਚਰਚਾ ਨਹੀਂ ਹੋਈ।