ਪੰਜਾਬ ’ਚ ਭਲਕੇ ਤੋਂ ਝੋਨੇ ਦੀ ਸਰਕਾਰੀ ਖ਼ਰੀਦ, 180 ਲੱਖ ਮੀਟਰਿਕ ਟਨ ਦਾ ਟੀਚਾ
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਭਲਕੇ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਸਰਕਾਰ ਨੇ 180 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਨਿਰਧਾਰਤ ਕੀਤਾ ਹੈ। ਉਧਰ, ਪੁਰਾਣੇ ਅਨਾਜ ਦੇ ਵੱਡੇ ਭੰਡਾਰ ਕਾਰਨ ਸੂਬੇ ਦੇ ਗੁਦਾਮ ਪਹਿਲਾਂ ਹੀ ਭਰੇ ਹੋਏ ਹਨ। ਪਿਛਲੇ ਸਾਲ ਹੜ੍ਹਾਂ ਕਾਰਨ ਝੋਨੇ ਦੀ ਖ਼ਰੀਦ 156 ਲੱਖ ਮੀਟਰਿਕ ਟਨ ਰਹੀ ਸੀ।
ਇਸ ਵਾਰ ਝੋਨੇ ਦੀ ਫ਼ਸਲ ਪਾਲਣ ਦੌਰਾਨ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਘੱਟ ਮੀਂਹ ਪੈਣ ਕਾਰਨ ਸਿੰਚਾਈ ’ਤੇ ਖ਼ਰਚ ਵਧਣ ਨਾਲ ਕਿਸਾਨਾਂ ਦੀ ਫ਼ਸਲੀ ਲਾਗਤ ਵੀ ਪ੍ਰਭਾਵਿਤ ਹੋਈ ਹੈ।
‘ਆਪ’ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਫ਼ਸਲੀ ਖ਼ਰੀਦ ਸੀਜ਼ਨ ਹੋਣ ਕਾਰਨ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੀ ਵੀ ਨਜ਼ਰ ਰਹੇਗੀ। ਸੂਬਾ ਸਰਕਾਰ ਵੱਲੋਂ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1886 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਪੰਜਾਬ ਮੰਡੀ ਬੋਰਡ ਮੁਤਾਬਕ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ 42,786.68 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਵੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬਾਰਦਾਨੇ ਦੀਆਂ ਕਰੀਬ 5 ਲੱਖ ਗੱਠਾਂ ਦਾ ਪ੍ਰਬੰਧ ਕੀਤਾ ਗਿਆ ਹੈ। ਫਿਲਹਾਲ ਰਾਈਸ ਸ਼ੈਲਰ ਮਾਲਕਾਂ ਵੱਲੋਂ ਸਰਕਾਰੀ ਖ਼ਰੀਦ ਦੇ ਵਿਰੋਧ ਸਬੰਧੀ ਕੋਈ ਸੰਕੇਤ ਨਹੀਂ ਦਿੱਤੇ ਗਏ ਹਨ। ਹਾਲਾਂਕਿ ਸਰਕਾਰ ਵੱਲੋਂ ਪਿਛਲੇ ਸੀਜ਼ਨ ਦੌਰਾਨ 85 ਫ਼ੀਸਦੀ ਝੋਨੇ ਦੀ ਮਿਲਿੰਗ ਕਰਨ ਵਾਲੇ ਸ਼ੈਲਰਾਂ ਨੂੰ ਨਵੇਂ ਸੀਜ਼ਨ ਲਈ ਝੋਨੇ ਦੀ ਅਲਾਟਮੈਂਟ ਕੀਤੀ ਜਾਣੀ ਹੈ।
ਸਰਕਾਰੀ ਅਧਿਕਾਰੀਆਂ ਅਨੁਸਾਰ ਪਿਛਲੇ ਸਾਲ ਦੇ 105 ਲੱਖ ਮੀਟਰਿਕ ਟਨ ਚੌਲ ਦੀ ਡਲਿਵਰੀ ਕੀਤੀ ਜਾਣੀ ਸੀ, ਜਿਸ ਵਿੱਚੋਂ ਸ਼ੈਲਰਾਂ ਵੱਲੋਂ ਹੁਣ ਤੱਕ 99 ਲੱਖ ਮੀਟਰਿਕ ਟਨ ਦੀ ਮਿਲਿੰਗ ਕੀਤੀ ਜਾ ਚੁੱਕੀ ਹੈ। ਪੰਜਾਬ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਨੇ ਦੱਸਿਆ ਕਿ ਲਗਭਗ 15 ਫ਼ੀਸਦੀ ਝੋਨੇ ਦੀ ਮਿਲਿੰਗ ਅਜੇ ਬਕਾਇਆ ਹੈ। ਉਨ੍ਹਾਂ ਕਿਹਾ ਕਿ ਮਾਲਵਾ ਅਤੇ ਦੋਆਬਾ ਖੇਤਰਾਂ ਵਿੱਚ ਹਾਈਬ੍ਰਿਡ ਕਿਸਮ ਦੀ ਬਿਜਾਈ ਵੱਧ ਹੋਣ ਕਾਰਨ ਟੁੱਟ ਦੀ ਮਾਤਰਾ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਮਿਲਿੰਗ ਦੌਰਾਨ ਮੁਸ਼ਕਲ ਆ ਸਕਦੀ ਹੈ।
ਦੂਜੇ ਪਾਸੇ, ਹੋਰ ਸੂਬਿਆਂ ਤੋਂ ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਨਾਕਿਆਂ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਹ ਮੁਹਿੰਮ ਪੰਜਾਬ ਪੁਲੀਸ ਅਤੇ ਮੰਡੀ ਬੋਰਡ ਵੱਲੋਂ ਸਾਂਝੇ ਤੌਰ ’ਤੇ ਚਲਾਈ ਜਾਵੇਗੀ। ਭਾਵੇਂ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ ਪਰ ਕੁਝ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਆਮਦ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।
ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਖੁੱਡੀਆਂ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖ਼ਰੀਦ ਨਾਲ ਸਬੰਧਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 0172-5101649 ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 1886 ਖ਼ਰੀਦ ਕੇਂਦਰ ਬਣਾਏ ਗਏ ਹਨ ਅਤੇ ਝੋਨੇ ਦੀ ਆਮਦ ਨੂੰ ਦੇਖਦਿਆਂ ਲੋੜ ਅਨੁਸਾਰ ਆਰਜ਼ੀ ਮੰਡੀਆਂ ਵੀ ਨੋਟੀਫਾਈ ਕੀਤੀਆਂ ਜਾਣਗੀਆਂ।







