ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਪੁਲੀਸ ਇੰਸਪੈਕਟਰ ਸੁਨੀਤਾ ਬਾਵਾ ਨੂੰ ਪੰਜਾਬ ਸਰਕਾਰ ਨੇ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਸਬੰਧੀ ਹੁਕਮ ਫ਼ਰੀਦਕੋਟ ਰੇਂਜ ਦੀ ਆਈ.ਜੀ.ਪੀ. ਨੀਲਮਬਾਰੀ ਜਗਦਾਲੇ ਵੱਲੋਂ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਸੁਨੀਤਾ ਬਾਵਾ ਖ਼ਿਲਾਫ਼ ਫ਼ਿਰੋਜ਼ਪੁਰ ਵਿੱਚ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਇਹ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਗਈ। ਸੁਨੀਤਾ ਬਾਵਾ ਉਸ ਸਮੇਂ ਥਾਣਾ ਕੋਟ ਈਸੇ ਖਾਂ ਦੀ ਮੁਖੀ ਵਜੋਂ ਤਾਇਨਾਤ ਸੀ। 26 ਸਤੰਬਰ ਦੀ ਰਾਤ ਵਿਜੀਲੈਂਸ ਬਿਊਰੋ ਨੇ ਉਸ ਨੂੰ ਉਸਦੇ ਗੰਨਮੈਨ ਹੋਮਗਾਰਡ ਜਵਾਨ ਸਮੇਤ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਸੀ।
ਦੋਸ਼ਾਂ ਮੁਤਾਬਕ ਸੁਨੀਤਾ ਬਾਵਾ ਨੇ ਪਿੰਡ ਨੂਰਪੁਰ ਹਕੀਮਾਂ ਦੇ ਨੌਜਵਾਨ ਰਾਜਵਿੰਦਰ ਸਿੰਘ ਨੂੰ ਨਸ਼ਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ, ਜਿਸ ਤੋਂ ਬਾਅਦ ਜਾਂਚ ਉਪਰੰਤ ਇੰਸਪੈਕਟਰ ਗਗਨਦੀਪ ਕੌਰ ਦੀ ਅਗਵਾਈ ਹੇਠ ਟੀਮ ਬਣਾਈ ਗਈ। ਵਿਜੀਲੈਂਸ ਨੇ ਜੀਰਾ ਰੋਡ ’ਤੇ ਵਿਛਾਏ ਜਾਲ ਦੌਰਾਨ ਸੁਨੀਤਾ ਬਾਵਾ ਅਤੇ ਉਸਦੇ ਗੰਨਮੈਨ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗਵਾਹਾਂ ਦੀ ਮੌਜੂਦਗੀ ਵਿੱਚ ਕਾਬੂ ਕਰ ਲਿਆ।
ਗ੍ਰਿਫ਼ਤਾਰੀ ਤੋਂ ਬਾਅਦ ਸੁਨੀਤਾ ਬਾਵਾ ਉਸ ਵੇਲੇ ਵੀ ਚਰਚਾ ਦਾ ਕੇਂਦਰ ਬਣੀ ਸੀ ਜਦੋਂ ਅਦਾਲਤ ਵਿੱਚ ਪੇਸ਼ੀ ਦੌਰਾਨ ਉਸ ਨੇ “ਆਲ ਇਜ਼ ਵੈੱਲ” ਅਤੇ “ਜੇਲ੍ਹ ਦਾ ਨਵਾਂ ਸਫ਼ਰ ਸ਼ੁਰੂ ਹੋਣ” ਵਰਗੀਆਂ ਟਿੱਪਣੀਆਂ ਕੀਤੀਆਂ ਸਨ। ਇਹ ਬਿਆਨ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋਏ ਸਨ।
ਇਸੇ ਦੌਰਾਨ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੁਨੀਤਾ ਬਾਵਾ ਦੀ ਪੂਰੀ ਸੇਵਾਕਾਲੀ ਕਾਰਗੁਜ਼ਾਰੀ ਅਤੇ ਹੋਰ ਮਾਮਲਿਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।







