ਰਾਜਸਥਾਨ ਪੁਲੀਸ ਦੀ ਕਾਰਵਾਈ ਖ਼ਿਲਾਫ਼ ਐਡਵੋਕੇਟ ਧਾਮੀ ਨੇ ਚੁੱਕੀ ਆਵਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਾਹਿਬ ਵਿਖੇ ਹੋਈ ਪੁਲੀਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਰਾਜਸਥਾਨ ਪੁਲੀਸ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਗੁਰੂ ਕੇ ਲੰਗਰਾਂ ਦੀ ਬੇਅਦਬੀ ਕੀਤੀ ਗਈ, ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਹੋਰ ਸ਼ਹੀਦਾਂ ਦੇ ਪੋਸਟਰ ਪਾੜੇ ਗਏ ਅਤੇ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਗੁਰਦੁਆਰਾ ਸਾਹਿਬ ਦੀ ਹਦੂਦ ਵਿੱਚ ਇਸ ਤਰ੍ਹਾਂ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਵਾਦ ਦਾ ਹੱਲ ਕਾਨੂੰਨੀ ਪ੍ਰਕਿਰਿਆ ਰਾਹੀਂ ਕੀਤਾ ਜਾ ਸਕਦਾ ਹੈ, ਪਰ ਧਾਰਮਿਕ ਸਥਾਨ ਅੰਦਰ ਧੱਕੇਸ਼ਾਹੀ ਜਾਂ ਅਜਿਹਾ ਰਵੱਈਆ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

ਐਸਜੀਪੀਸੀ ਪ੍ਰਧਾਨ ਨੇ ਦੋਸ਼ ਲਗਾਇਆ ਕਿ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਸਬੰਧੀ ਆਵਾਜ਼ ਉਠਾਉਣ ਵਾਲੇ ਭਾਈ ਟਿੰਮਾ ਨੂੰ ਕਥਿਤ ਝੂਠੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਅਤੇ ਪੱਖਪਾਤੀ ਰਵੱਈਏ ਦਾ ਸੰਕੇਤ ਹੈ। ਉਨ੍ਹਾਂ ਰਾਜਸਥਾਨ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਈ ਟਿੰਮਾ ਵਿਰੁੱਧ ਦਰਜ ਮਾਮਲੇ ਦੀ ਵੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਵਿਤਕਰਾ ਕਰਨਾ ਸੰਵਿਧਾਨਕ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਘਟਨਾ ਕਾਰਨ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਸਰਕਾਰ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।