‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਆਪਣਾ ਪੱਖ ਰੱਖਿਆ। ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ।
ਮੁਲਾਕਾਤ ਤੋਂ ਬਾਅਦ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦਾ ਹਵਾਲਾ ਦਿੰਦਿਆਂ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੀ ਗਈ ਹੈ। ਉਨ੍ਹਾਂ ਇਸ ਕਾਰਵਾਈ ’ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਪਾਰਟੀ ਨਾਲ ਬੇਇਨਸਾਫ਼ੀ ਕਰਾਰ ਦਿੱਤਾ।
ਇਆਲੀ ਨੇ ਦੋਸ਼ ਲਾਇਆ ਕਿ ਭਾਜਪਾ ਸਮੇਤ ਕੁਝ ਹੋਰ ਸਿਆਸੀ ਪਾਰਟੀਆਂ ‘ਵਾਰਿਸ ਪੰਜਾਬ ਦੇ’ ਨੂੰ ਚੋਣ ਮੈਦਾਨ ਵਿੱਚ ਆਪਣੇ ਲਈ ਚੁਣੌਤੀ ਮੰਨਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਰੁਕਾਵਟ ਪੈਦਾ ਕਰਨ ਪਿੱਛੇ ਵੀ ਇਨ੍ਹਾਂ ਸਿਆਸੀ ਧਿਰਾਂ ਦਾ ਹੱਥ ਹੋ ਸਕਦਾ ਹੈ।







